ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 1984 ਦੇ ਸ਼ਹੀਦਾਂ ਦੀ ਯਾਦ ’ਚ ਬਣਾਈ ਜਾਣ ਵਾਲੀ ਗੈਲਰੀ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ ਅਤੇ ਘੱਲੂਘਾਰਾ ਦੀਆਂ ਨਿਸ਼ਾਨੀਆਂ ਨੂੰ ਸੰਗਤ ਸਨਮੁਖ ਕਰਨ ਲਈ ਵੀ ਜੁਗਤਬੰਦੀ ਕੀਤੀ ਜਾਵੇਗੀ। ਉਨ੍ਹਾਂ ਨੇ ਕੌਮ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਦੀ ਸਿੱਖਿਆ ’ਚ ਰਾਸ਼ਟਰੀ ਕੰਮਾਂ ’ਚ ਸਾਥੀ ਬਣਨ ਲਈ ਕਿਹਾ।ਉਨ੍ਹਾਂ ਕਿਹਾ ਕਿ ਗੋਲੀ ਲੱਗੇ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਸੰਗਤ ਦੀ ਮੰਗ ਅਨੁਸਾਰ ਸਮੇਂ-ਸਮੇਂ ’ਤੇ ਕਰਵਾਏ ਜਾਂਦੇ ਰਹਿਣਗੇ। ਇਸ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ 1984 ਦੇ ਸਬੰਧਤ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਵਾਈਟ ਪੇਪਰ ਫਿਰ ਪ੍ਰਕਾਸ਼ਿਤ ਕੀਤਾ ਜਾਵੇਗਾ, ਜਿਸ ਦੇ ਬਾਰੇ ਆਦੇਸ਼ ਦੇ ਦਿੱਤੇ ਗਏ ਹਨ।
ਉਨ੍ਹਾਂ ਨੇ ਕੋਰੋਨਾ ਮਹਾਮਾਰੀ ’ਚ ਜਾਨਾਂ ਗਵਾ ਚੁੱਕੇ ਲੋਕਾਂ ਦੇ ਬੱਚਿਆਂ ਦੀ ਮਦਦ ਲਈ ਅਹਿਮ ਐਲਾਨ ਕਰਦੇ ਹੋਏ ਕਿਹਾ ਕਿ ਜੋ ਲੋਕ ਕੋਰੋਨਾ ਕਾਰਨ ਸੰਸਾਰ ਤੋਂ ਚਲੇ ਗਏ ਹਨ, ਉਨ੍ਹਾਂ ਦੇ ਬੱਚਿਆਂ ਦੀ ਵਿੱਦਿਆ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।
ਇਸ ਮਹਾਮਾਰੀ ਦੌਰਾਨ ਬਹੁਤ ਸਾਰੇ ਅਜਿਹੇ ਲੋਕ ਵੀ ਸੰਸਾਰ ਤੋਂ ਚੱਲ ਗਏ ਹਨ, ਜਿਨ੍ਹਾਂ ਦੇ ਕਮਾਈ ਦੇ ਸਾਧਨ ਸੀਮਿਤ ਸਨ। ਅਜਿਹੇ ਪਰਿਵਾਰਾਂ ਦੇ ਬੱਚਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਕੂਲਾਂ-ਕਾਲਜਾਂ ’ਚ ਮੁਫ਼ਤ ਵਿੱਦਿਆ ਦਿੱਤੀ ਜਾਵੇਗੀ, ਜਿਸ ਨਾਲ ਉਹ ਭਵਿੱਖ ’ਚ ਆਪ ਨਿਰਭਰ ਹੋ ਸਕਣ। ਇਸੇ ਤਰ੍ਹਾਂ ਕਿਸਾਨ ਸੰਘਰਸ਼ ਦੌਰਾਨ ਮਰਨ ਵਾਲੇ ਕਿਸਾਨਾਂ ਦੇ ਬੱਚਿਆਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਪੜ੍ਹਾਇਆ ਜਾਵੇਗਾ।