ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 16 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਇਸ ਦਾ ਕਾਰਨ ਸਿਹਤ ਦੀ ਸਮੱਸਿਆ ਦੱਸਿਆ ਹੈ। ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਾਦਲ ਨੂੰ ਪੁੱਛ-ਗਿੱਛ ਲਈ 16 ਜੂਨ ਨੂੰ ਤਲਬ ਕੀਤਾ ਸੀ। ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਬਾਦਲ ਨੂੰ ਮੁਹਾਲੀ ਦੇ ਫੇਜ਼-8 ਵਿੱਚ ਪੁੱਛ-ਗਿੱਛ ਲਈ ਬੁਲਾਇਆ ਸੀ।
ਬੇਸ਼ੱਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਕਿਹਾ ਸੀ ਕਿ ਉਹ ਸਿੱਟ ਨਾਲ ਪੂਰਾ ਸਹਿਯੋਗ ਕਰਨਗੇ ਪਰ ਅੱਜ ਬਾਦਲ ਨੇ ਸਿੱਟ ਸਾਹਮਣੇ ਪੇਸ਼ ਹੋਣ ਤੋਂ ਟਾਲਾ ਵੱਟ ਲਿਆ ਹੈ। ਉਂਝ ਬਾਦਲ ਦਾ ਜਾਂਚ ਟੀਮ ਅੱਗੇ ਪੇਸ਼ ਹੋਣਾ ਜ਼ਰੂਰੀ ਨਹੀਂ ਸੀ ਕਿਉਂਕਿ ਕੋਈ ਵੀ ਜਾਂਚ ਏਜੰਸੀ 65 ਸਾਲ ਤੋਂ ਉਪਰ ਦੇ ਨਾਗਰਿਕ ਨੂੰ ਪੁੱਛ-ਪੜਤਾਲ ਲਈ ਸੱਦ ਨਹੀਂ ਸਕਦੀ ਸਗੋਂ ਜਾਂਚ ਟੀਮ ਨੂੰ ਉਸ ਵਿਅਕਤੀ ਕੋਲ ਜਾਣਾ ਪੈਂਦਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੇ ਸਬੰਧ ਵਿੱਚ ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ਹੇਠਲੀ ਟੀਮ ਅੱਗੇ ਪੁੱਛ-ਪੜਤਾਲ ਲਈ ਪੇਸ਼ ਹੋ ਚੁੱਕੇ ਹਨ। ਜਾਂਚ ਟੀਮ ਨੇ ਸਾਬਕਾ ਡੀਜੀਪੀ ਤੇ ਪੰਜ ਹੋਰ ਆਈਪੀਐੱਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਮੁਕੰਮਲ ਕਰਕੇ ਹੁਣ ਪ੍ਰਕਾਸ਼ ਸਿੰਘ ਬਾਦਲ ਨੂੰ ਜਾਂਚ ਲਈ ਸੱਦਿਆ ਸੀ।