ਅੰਮ੍ਰਿਤਸਰ : ਇੱਕ ਪਾਸੇ ਦਿੱਲੀ ਦੇ ਵੱਖ – ਵੱਖ ਬਾਰਡਰਾਂ ਤੇ ਬੈਠੇ ਕਿਸਾਨ ਖੇਤੀ ਬਿੱਲਾਂ ਦੇ ਵਿਰੋਧ ਨੂੰ ਲੈਕੇ ਪੂਰੀ ਦੁਨੀਆਂ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਅੰਦੋਲਨ ਦੇ ਸੁਰੂ ਤੋਂ ਹੀ ਬੀਜੇਪੀ ਦੇ ਲੀਡਰਾਂ ਅਤੇ ਮੋਦੀ ਸਰਕਾਰ ਦਾ ਵਿਰੋਧ ਕਰਦੇ ਆਏ ਹਨ। ਅਤੇ ਦੂਜੇ ਪਾਸੇ ਅੱਜ ਸੀਨੀਅਰ ਬੀਜੇਪੀ ਲੀਡਰ ਤੇ ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ।
ਇਹ ਮੁਲਾਕਾਤ ਉਸ ਵੇਲੇ ਹੋਈ ਹੈ ਜਦੋਂ ਪੰਜਾਬ ਅੰਦਰ ਖੇਤੀ ਕਾਨੂੰਨਾਂ ਨੂੰ ਲੈ ਕੇ ਬੀਜੇਪੀ ਖਿਲਾਫ ਕਾਫੀ ਰੋਸ ਹੈ। ਇਸ ਲਈ ਮੀਟਿੰਗ ਨੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਉਂਝ ਮੁੱਢਲੀ ਜਾਣਕਾਰੀ ਮੁਤਾਬਕ ਸਾਂਪਲਾਂ ਨੇ ਜਥੇਦਾਰ ਨਾਲ ਮੁਲਾਕਾਤ ਦੇ ਦੌਰਾਨ ਦਲਿਤਾਂ ਦੀਆਂ ਸਮੱਸਿਆਵਾਂ ਦੇ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਤਕਰੀਬਨ 1 ਘੰਟਾ ਚੱਲੀ ਇਸ ਮੁਲਾਕਾਤ ਤੋਂ ਬਾਅਦ ਵਿਜੈ ਸਾਂਪਲਾ ਨੇ ਮੀਟਿੰਗ ਸਬੰਧੀ ਵੇਰਵੇ ਦੇਣ ਤੋਂ ਟਾਲਾ ਵੱਟਿਆ ਤੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਸਿਰਫ ਦਲਿਤਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਹੈ।
ਉਨ੍ਹਾਂ ਮੀਟਿੰਗ ਦੌਰਾਨ ਕਿਸੇ ਸਿਆਸੀ ਮੁੱਦੇ ਤੇ ਕਿਸਾਨ ਮੋਰਚੇ ਬਾਰੇ ਗੱਲਬਾਤ ਹੋਣ ਤੋਂ ਇਨਕਾਰ ਕੀਤਾ। ਉਨ੍ਹਾਂ ਕਿਹਾ ਕਿ ਉਹ ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ ਤੇ ਆਖਿਆ ਕਿ ਦਲਿਤਾਂ ਨੂੰ ਦਰਪੇੇਸ਼ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ।