ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਤੋਂ ਪਹਿਲਾਂ ‘ਆਪ’ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਵੱਡਾ ਬਿਆਨ ਦਿੱਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਕੁਝ ਦੇਰ ਤੱਕ ਅਰਵਿੰਦਰ ਕੇਜਰੀਵਾਲ ਪੰਜਾਬ ਪਹੁੰਚ ਰਹੇ ਹਨ, ਜਿਨ੍ਹਾਂ ਦੇ ਦੌਰੇ ’ਤੇ ਵਿਰੋਧੀ ਪਾਰਟੀਆਂ ਨੇ ਨਜ਼ਰ ਰੱਖੀ ਹੋਈ ਹੈ। ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਅਤੇ ਵਿਰੋਧੀ ਪਾਰਟੀਆਂ ਸੀ.ਐੱਮ ਦੇ ਇਸ ਦੌਰੇ ਦੌਰਾਨ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਖੜੀਆਂ ਕਰ ਸਕਦੀਆਂ ਹਨ।
ਆਮ ਆਦਮੀ ਪਾਰਟੀ ਨੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਕੇਜਰੀਵਾਲ ਦੇ ਪੰਜਾਬ ਦੌਰੇ ’ਚ ਖਲਲ ਪਾਉਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਕਾਂਗਰਸ ਸਣੇ ਤਮਾਮ ਵਿਰੋਧੀ ਦਲ ਕਿਸੇ ਤਰ੍ਹਾਂ ਦੀ ਵੀ ਸ਼ਰਾਰਤ ਕਰ ਸਕਦੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ’ਤੇ ਲੈਂਦੇ ਹੋਈ ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਨੇ ਸਿਰਫ਼ 3 ਨੌਕਰੀਆਂ ਦਿੱਤੀਆਂ ਹਨ ਅਤੇ ਇਹ ਨੌਕਰੀਆਂ ਉਸ ਨੇ ਆਪਣੇ ਵਿਧਾਇਕਾਂ ਦੇ ਪੁੱਤਰਾਂ ਨੂੰ ਦੇ ਦਿੱਤੀਆਂ ਹਨ।
ਰਾਘਵ ਚੱਢਾ ਨੇ ਇਸ ਮੌਕੇ ਵੱਡੀ ਗਿਣਤੀ ’ਚ ਤਾਇਨਾਤ ਪੰਜਾਬ ਪੁਲਸ ਅਤੇ ਪ੍ਰਸ਼ਾਸਨ ਅਲਰਟ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਥਾਨਕ ਸਥਿਤੀ ਦਾ ਖ਼ਾਸ ਧਿਆਨ ਰੱਖਣ ਅਤੇ ਚੌਕਸੀ ਵਰਤਣ।