class="bp-nouveau post-template-default single single-post postid-2802 single-format-standard admin-bar no-customize-support wpb-js-composer js-comp-ver-5.7 vc_responsive no-js">
Latest

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 23-06-2021

ਸੋਰਠਿ ਮਹਲਾ ੫ ॥

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

ਸੋਰਠਿ ਮਹਲਾ ੫ ॥

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥ ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ਰਹਾਉ॥ ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ। ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥ (ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥ ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ਹੇ ਭਾਈ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ॥੪॥੫॥

Leave a Comment

Your email address will not be published.

You may also like

Skip to toolbar