ਕਿਸਾਨਾਂ ਵੱਲੋਂ 26 ਜੂਨ ਯਾਨਿ ਕਿ ਅਜ ਆਪੋ-ਆਪਣੇ ਰਾਜਾਂ ਦੇ ਰਾਜਪਾਲਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਹਰਿਆਣਾ ਅਤੇ ਪੰਜਾਬ ਦੇ ਕਿਸਾਨ ਚੰਡੀਗੜ੍ਹ ਦੇ ਰਾਜਪਾਲ ਭਵਨ ਵਿਖੇ ਇਕੱਠੇ ਹੋਣਗੇ ਤੇ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸ ਤੋਂ ਬਾਅਦ ਕਿਸਾਨ ਰਾਜਪਾਲ ਨੂੰ ਰਾਸ਼ਟਰਪਤੀ ਲਈ ਇੱਕ ਮੰਗ ਪੱਤਰ ਸੌਂਪਣਗੇ।
ਕਿਸਾਨ ਆਗੂਆਂ ਅਨੁਸਾਰ ਉਨ੍ਹਾਂ ਦੀ ਮੰਗ ਹੈ ਕਿ ਅੰਦੋਲਨਕਾਰੀ ਕਿਸਾਨਾਂ ਦੀ ਸੁਣਵਾਈ ਕੀਤੀ ਜਾਵੇ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦੇ ਨਾਲ ਹੀ ਆਉਣ ਵਾਲੇ ਸਮੇਂ ਵਿਚ ਕਿਸਾਨ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਤਿੰਨ ਖੇਤੀ ਕਾਨੂੰਨਾਂ ਖਿਲਾਫ ਅਜ 7 ਮਹੀਨੇ ਪੂਰੇ ਹੋਣ ‘ਤੇ, ਦੇਸ਼ ਭਰ ਦੇ ਰਾਜ ਭਵਨਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਦੇ ਨਾਮ ‘ਤੇ ਰਾਜਪਾਲ ਨੂੰ ਮੰਗ ਪੱਤਰ ਸੌਂਪਣਗੇ। ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਅਸੀਂ ਲਗਾਤਾਰ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਾਂ ਅਤੇ ਸਰਕਾਰ ਨੂੰ ਅੰਦੋਲਨ ਵਿੱਚ ਬੈਠੇ ਕਿਸਾਨਾਂ ਦੀ ਗੱਲ ਕਰਨੀ ਚਾਹੀਦੀ ਹੈ। ਤਿੰਨ ਖੇਤੀ ਕਾਨੂੰਨਾਂ ਨੂੰ ਛੇਤੀ ਤੋਂ ਛੇਤੀ ਰੱਦ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨ ਵਾਪਸ ਆਪਣੇ ਘਰਾਂ ਨੂੰ ਜਾ ਸਕਣ, ਪਰ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ।
ਇਸੇ ਲਈ ਕਿਸਾਨ ਰਾਜ ਭਵਨ ਪਹੁੰਚਣਗੇ ਅਤੇ ਆਪਣਾ ਮੰਗ ਪੱਤਰ ਪੰਜਾਬ ਤੇ ਹਰਿਆਣਾ ਦੇ ਰਾਜਪਾਲਾਂ ਨੂੰ ਭੇਜਣਗੇ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਉਹ ਹੁਣ ਹੋਰ ਤਾਕਤ ਨਾਲ ਅੰਦੋਲਨ ਨੂੰ ਅੱਗੇ ਵਧਾਉਣਗੇ ਤਾਂ ਜੋ ਇਹ ਤਿੰਨੋਂ ਖੇਤੀਬਾੜੀ ਕਾਨੂੰਨ ਰੱਦ ਕਰਵਾਏ ਜਾ ਸਕਣ। ਦਿੱਲੀ ਦੀਆਂ ਬਰੂਹਾਂ ਉੱਤੇ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਗਰਮੀ, ਠੰਢ, ਝੱਖੜ, ਮੀਂਹ ਸਭ ਝੱਲ ਰਹੇ ਹਨ ਤੇ ਆਪਣੇ ਅੰਦੋਲਨ ਤੇ ਮੰਗਾਂ ਉੱਤੇ ਡਟੇ ਹੋਏ ਹਨ।