ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਪੰਜਾਬ ਆਉਣ ਲਈ ਬੇਤਾਬ ਹਨ। ਉਹ ਵਾਰ-ਵਾਰ ਟਵੀਟ ਕਰਕੇ ਪਲ-ਪਲ ਦੀ ਜਾਣਕਾਰੀ ਦੇ ਰਹੇ ਹਨ। ਅੱਜ ਪੰਜਾਬ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਫਿਰ ਟਵੀਟ ਕੀਤਾ। ਉਨ੍ਹਾਂ ਨੇ ਲਿਖਿਆ ਕਿ ਪੰਜਾਬ ਇੱਕ ਨਵੀਂ ਸਵੇਰ ਲਈ ਤਿਆਰ ਹੋ ਰਿਹਾ ਹੈ ਤੇ ਮੈਂ ਪੰਜਾਬ ਪਹੁੰਚਣ ਲਈ…ਮਿਲਦੇ ਹਾਂ ਕੁਝ ਘੰਟਿਆਂ ਬਾਅਦ…।
पंजाब एक नई सुबह के लिए तैयार हो रहा है और मैं पंजाब पहुंचने के लिए…मिलते हैं बस कुछ घंटे बाद…
— Arvind Kejriwal (@ArvindKejriwal) June 29, 2021
ਦੱਸ ਦਈਏ ਕਿ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਵਿੱਚ ‘ਆਪ’ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਦੌਰੇ ਲਈ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਵਿੱਚ ਮਹਿੰਗਾਈ ਤੇ ਬਿਜਲੀ ਸਮਝੌਤਿਆਂ ’ਤੇ ਦਾ ਮੁੱਦਾ ਉਠਾਉਣਗੇ। ਇਸ ਦੇ ਨਾਲ ਹੀ ਉਹ ਵੱਡੇ ਐਲਾਨ ਵੀ ਕਰਨਗੇ।
ਕੇਜਰੀਵਾਲ ਨੇ ਸੋਮਵਾਰ ਨੂੰ ਆਪਣੇ ਟਵਿੱਟਰ ਅਕਾਊਂਟ ’ਤੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਸੀ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਨੂੰ ਵੀ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਨੂੰ ਮਿਲ ਰਹੀਆਂ ਬੁਨਿਆਦੀ ਸਹੂਲਤਾਂ ਦੀ ਤਰਜ਼ ’ਤੇ ਪੰਜਾਬ ਦੇ ਲੋਕਾਂ ਲਈ ਵੀ ਸੁਵਿਧਾਵਾਂ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਸਮੇਂ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਨਿਜਾਤ ਦਿਵਾਉਣ ਲਈ ਕੇਜਰੀਵਾਲ ਸਸਤੀ ਬਿਜਲੀ ਦੇਣ ਦਾ ਵਾਅਦਾ ਕਰ ਸਕਦੇ ਹਨ।