ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ 29 ਨਵੰਬਰ ਨੂੰ ਸੰਸਦ ਦੇ ਦੋਵਾਂ ਸਦਨਾਂ ਵਲੋਂ ਪਾਸ ਕੀਤਾ ਗਿਆ ਸੀ। ਰਾਸ਼ਟਰਪਤੀ ਦੀ ਪ੍ਰਵਾਨਗੀ ਨਾਲ ਹੁਣ ਤਿੰਨੋਂ ਖੇਤੀ ਕਾਨੂੰਨ ਰਸਮੀ ਤੌਰ ‘ਤੇ ਰੱਦ ਕਰ ਦਿੱਤੇ ਗਏ ਹਨ। ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣ ਲਈ ਇੱਕ ਸਾਲ ਤੋਂ ਵੱਧ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨ ਦਿੱਲੀ ਦੇ ਸਿੰਘੂ, ਟਿੱਕਰੀ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਖੜ੍ਹੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 19 ਨਵੰਬਰ ਨੂੰ ਗੁਰੂ ਪਰਵ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਐਮਐਸਪੀ ਨੂੰ ਲੈ ਕੇ ਇੱਕ ਕਮੇਟੀ ਬਣਾਈ ਜਾਵੇਗੀ। ਬਿੱਲ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਦਾ ਸਵਾਗਤ ਤਾਂ ਕੀਤਾ ਪਰ ਅੰਦੋਲਨ ਖ਼ਤਮ ਨਾ ਕਰਨ ਦੀ ਗੱਲ ਕਹੀ।