ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਤੇ ਬਾਦਲਾਂ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਇਹ ਪਰਿਵਾਰ ਆਪਣੇ ਨਿੱਜੀ ਸੁਆਰਥਾਂ ਲਈ ਪੰਜਾਬ ਨੂੰ ਤਬਾਹ ਕਰਨ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਰਲੇ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਬਾਦਲਾਂ ਨੇ ਸੂਬੇ ਵਿਚ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਫਿਰ ਇਹੀ ਕਾਨੂੰਨ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਲਾਹ ਦੇ ਕੇ ਦੇਸ਼ ਭਰ ਵਿਚ ਲਾਗੂ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਹਰਸਿਮਰਤ ਕੌਰ ਦੀ ਵਜ਼ੀਰੀ ਬਚਾਉਣ ਲਈ ਹੀ ਬਾਦਲਾਂ ਨੇ ਇੰਨਾਂ ਕਾਨੂੰਨਾਂ ਦੇ ਹੱਕ ਵਿਚ ਪ੍ਰਚਾਰ ਤੱਕ ਕੀਤਾ। ਹਰਸਿਮਰਤ ਨੇ ਆਪਣੀ ਮਰਜ਼ੀ ਨਾਲ ਕੇਂਦਰੀ ਵਜ਼ਾਰਤ ਤੋਂ ਅਸਤੀਫਾ ਨਹੀਂ ਦਿੱਤਾ ਬਲਕਿ ਲੋਕਾਂ ਦੇ ਭਾਰੀ ਵਿਰੋਧ ਨੇ ਉਸ ਨੂੰ ਅਸਤੀਫਾ ਦੇਣ ਲਈ ਮਜਬੂਰ ਕੀਤਾ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆੜੇ ਹੱਥੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੈਪਟਨ ਵੀ ਮੋਦੀ ਸਰਕਾਰ ਨਾਲ ਰਲ ਕੇ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾ ਰਿਹਾ ਹੈ ਅਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਬੀ.ਐਸ.ਐਫ ਦਾ ਘੇਰਾ 50 ਕਿਲੋਮੀਟਰ ਤੱਕ ਵਧਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਰਿਹਾ ਜੋ ਕਿ ਸਿੱਧਮ-ਸਿੱਧਾ ਸੂਬਿਆਂ ਦੇ ਸੰਘੀ ਢਾਂਚੇ ‘ਤੇ ਹਮਲਾ ਹੈ ਜਿਸ ਨੂੰ ਪੰਜਾਬੀ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਬਾਦਲਾਂ ਅਤੇ ਕੈਪਟਨ ਪਰਿਵਾਰਾਂ ਦੇ ਰਲੇ ਹੋਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਸਾਂਝ ਕਰਕੇ ਹੀ ਪੰਜਾਬ ਵਿਚ ਟ੍ਰਾਂਸਪੋਰਟ ਅਤੇ ਕੇਬਲ ਮਾਫੀਏ ਰਾਹੀਂ ਪੰਜਾਬ ਦੇ ਲੋਕਾਂ ਦੀ ਲੁੱਟ ਹੁੰਦੀ ਰਹੀ ਹੈ