ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੂੰ ਖਰੀਦਣ ਦੇ ਦੋਸ਼ਾਂ ‘ਤੇ ਭਾਜਪਾ ਨੇ ਪਲਟਵਾਰ ਕੀਤਾ ਹੈ। ਭਾਜਪਾ ਦੇ ਸੂਬਾ ਬੁਲਾਰੇ ਅਨਿਲ ਸਰੀਨ ਨੇ ਕਿਹਾ ਕਿ ਭਗਵੰਤ ਮਾਨ ਆਪਣਾ ਕੱਦ ਵਧਾਉਣ ਲਈ ਪਾਰਟੀ ਦੇ ਸਾਹਮਣੇ ਬੇਬੁਨਿਆਦ ਦੋਸ਼ ਲਗਾ ਰਹੇ ਹਨ।
ਸਰੀਨ ਨੇ ਕਿਹਾ ਕਿ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਕੇਜਰੀਵਾਲ ਦੇ ਸਾਹਮਣੇ ਆਪਣਾ ਕੱਦ ਵਧਾਉਣ ਲਈ ਮਾਨ ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਨਾਲ ਕਿਸੇ ਨੇ ਵੀ ਸੰਪਰਕ ਨਹੀਂ ਕੀਤਾ। ਭਗਵੰਤ ਮਾਨ ਤੱਕ ਪਹੁੰਚ ਕਿਉਂ ਕਰੇਗੀ ਭਾਜਪਾ? ‘ਆਪ’ ਆਗੂ ਆਪਣੇ ਵਿਧਾਇਕਾਂ ਨੂੰ ਸੰਭਾਲਣ ਦੇ ਸਮਰੱਥ ਨਹੀਂ ਹਨ। ਉਹ ਆਪ ਹੀ ਜਾ ਰਹੇ ਹਨ, ਕੀ ਭਾਜਪਾ ਨੇ ਉਨ੍ਹਾਂ ਨੂੰ ਵੀ ਤੋੜਿਆ ਹੈ?
ਦੱਸ ਦਈਏ ਕਿ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਭਾਜਪਾ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ। ਭਾਜਪਾ ਆਗੂ ਉਨ੍ਹਾਂ ਨੂੰ ਫ਼ੋਨ ਕਰਕੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿ ਰਹੇ ਹਨ। ਉਨ੍ਹਾਂ ਨੂੰ ਪੈਸੇ ਅਤੇ ਮੰਤਰੀ ਬਣਾਉਣ ਦਾ ਲਾਲਚ ਦਿੱਤਾ ਗਿਆ। ਭਗਵੰਤ ਨੇ ਕਿਹਾ ਕਿ ਭਾਜਪਾ ਕੋਲ ਪੈਸਾ ਹੋਵੇਗਾ ਪਰ ਉਨ੍ਹਾਂ ਨੂੰ ਖਰੀਦਿਆ ਨਹੀਂ ਜਾ ਸਕਦਾ। 2014 ਤੋਂ ਲੈ ਕੇ ਹੁਣ ਤੱਕ ਪਾਰਟੀ ਬਣਾ ਕੇ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।