ਦਿੱਲੀ ਦੇ ਬਾਰਡਰਾਂ ਉਤੇ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਇਕ ਸਾਲ ਤੋਂ ਮੋਰਚਾ ਲਾਈ ਬੈਠੇ ਕਿਸਾਨਾਂ ਦੀ 9 ਜਾਂ 10 ਦਸੰਬਰ ਨੂੰ ਘਰ ਵਾਪਸੀ ਹੋ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ’ਤੇ ਚੱਲ ਰਹੀ ਹੈ ਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕਿਸਾਨ ਮੋਰਚੇ ਦੀ ਪੰਜ ਮੈਂਬਰੀ ਕਮੇਟੀ ਨੂੰ ਕਿਸਾਨ ਮੰਗਾਂ ਬਾਰੇ ਪੱਤਰ ਭੇਜਿਆ ਗਿਆ ਹੈ, ਜਿਸ ਬਾਰੇ ਮੰਥਨ ਕੀਤਾ ਜਾ ਰਿਹਾ ਹੈ।
ਸੂਤਰਾਂ ਨੇ ਕਿਹਾ ਕਿ 9 ਜਾਂ 10 ਦਸੰਬਰ ਨੂੰ ਕਿਸਾਨਾਂ ਦੀ ਘਰ ਵਾਪਸੀ ਹੋ ਸਕਦੀ ਹੈ ਤੇ ਵਾਪਸੀ ’ਤੇ ਫ਼ਤਹਿ ਮਾਰਚ ਨਾਲ ਕਿਸਾਨ ਘਰਾਂ ਨੂੰ ਵਾਪਸ ਜਾਣਗੇ। ਮੀਟਿੰਗ ਵਿੱਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂ ਸ਼ਾਮਲ ਹਨ।
ਸੋਨੀਪਤ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਮੀਟਿੰਗ ‘ਚੋਂ ਬਾਹਰ ਆਏ ਕਿਸਾਨ ਆਗੂ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ ਸਾਨੂੰ ਸਰਕਾਰ ਵੱਲੋਂ ਭੇਜਿਆ ਗਿਆ ਪੱਤਰ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਆਖਰੀ ਫੈਸਲਾ ਲਿਆ ਜਾਵੇਗਾ।