ਸਰਕਾਰ ਤੇ ਕਿਸਾਨਾਂ ਦੀ ਸਹਿਮਤੀ ਦੀ ਖ਼ਬਰ ਦੇ ਵਿਚਾਲੇ ਹੁਣ ਅੰਦੋਲਨ ਨਾਲ ਜੁੜੇ ਖਰਚੇ ਵੀ ਸਾਹਮਣੋ ਆਉਣ ਲੱਗੇ ਹਨ। ਦਿੱਲੀ ਪੁਲਿਸ ਨੇ ਰਾਸ਼ਟਰੀ ਰਾਜਧਾਨੀ ਵਿਚ ਵੱਖ-ਵੱਖ ਥਾਵਾਂ ‘ਤੇ ਸੁਰੱਖਿਆ ਪ੍ਰਦਾਨ ਕਰਨ ਲਈ ਕੁੱਲ 7.38 ਕਰੋੜ ਰੁਪਏ ਖਰਚ ਕੀਤੇ ਹਨ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਦੱਸ ਦਈਏ ਕਿ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਚੱਲ ਰਿਹਾ ਹੈ। ਸੰਸਦ ਮੈਂਬਰ ਐਮ ਮੁਹੰਮਦ ਅਬਦੁੱਲਾ ਦੇ ਸਵਾਲ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਦਿੱਲੀ ਪੁਲਿਸ ਵੱਲੋਂ ਅਗਸਤ 2020 ਤੋਂ ਹੁਣ ਤੱਕ ਦਿੱਲੀ ਦੀਆਂ ਸਰਹੱਦਾਂ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਵਾਲੇ ਸਥਾਨਾਂ ‘ਤੇ ਸੁਰੱਖਿਆ ਪ੍ਰਦਾਨ ਕਰਨ ਲਈ ਖਰਚ ਕੀਤੀ ਗਈ ਰਕਮ।
ਦੱਸ ਦੇਈਏ ਕਿ ਦਿੱਲੀ ਦੇ ਗਾਜ਼ੀਪੁਰ, ਟਿੱਕਰੀ ਅਤੇ ਸਿੰਘੂ ਬਾਰਡਰ ‘ਤੇ ਕਿਸਾਨ ਅੰਦੋਲਨ ਖਾਸ ਤੌਰ ‘ਤੇ ਸਰਗਰਮ ਹੈ। ਦਿੱਲੀ ਪੁਲਿਸ ਨੇ ਅੰਦੋਲਨ ਦੌਰਾਨ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਜ਼ਮੀਨ ‘ਤੇ ਬੈਰੀਕੇਡ, ਕੰਕਰੀਟ ਦੀਆਂ ਕੰਧਾਂ ਅਤੇ ਇੱਥੋਂ ਤੱਕ ਕਿ ਮੇਖਾਂ ਵੀ ਲਗਾ ਦਿੱਤੀਆਂ ਸਨ। ਇਹ ਕਿਸਾਨ ਜ਼ਿਆਦਾਤਰ ਪੰਜਾਬ ਅਤੇ ਹਰਿਆਣਾ ਦੇ ਸਨ।
ਕੇਂਦਰ ਅਤੇ ਵਿਰੋਧੀ ਧਿਰ ਵਿਚਾਲੇ ਹਾਲ ਹੀ ਵਿੱਚ ਸੰਸਦ ਵਿੱਚ ਭਾਰੀ ਹੰਗਾਮਾ ਹੋਇਆ ਜਦੋਂ ਕੇਂਦਰ ਨੇ ਕਿਹਾ ਕਿ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਗਿਣਤੀ ਬਾਰੇ ਉਸ ਕੋਲ ਕੋਈ ਅੰਕੜਾ ਨਹੀਂ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਪਾਰਟੀ ਕੋਲ ਅੰਦੋਲਨ ਦੌਰਾਨ ਮਾਰੇ ਗਏ 700 ਕਿਸਾਨਾਂ ਦੀ ਸੂਚੀ ਹੈ।