ਸ਼੍ਰੋਮਣੀ ਅਕਾਲੀ ਦਲ ਨੇ ਦਾਅਵਾ ਕੀਤਾ ਹੈ ਕਿ ਅੱਜ ਮੋਗਾ ਵਿੱਚ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਏਗੀ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੀ ਰੈਲੀ ਨਵਾਂ ਇਤਿਹਾਸ ਰਚੇਗੀ। ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਕੁਮਾਰੀ ਮਾਇਆਵਤੀ ਅੱਜ ਨਹੀਂ ਆ ਰਹੇ ਪਰ ਪ੍ਰਕਾਸ਼ ਸਿੰਘ ਬਾਦਲ ਸਮੇਤ ਤਮਾਮ ਅਕਾਲੀ ਲੀਡਰਸ਼ਿਪ ਅੱਜ ਰੈਲੀ ਵਿੱਚ ਆਏਗੀ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਭ ਤੋਂ ਪੁਰਾਣੀ ਪਾਰਟੀ ਹੈ ਜਿਸ ਨੇ ਹਮੇਸ਼ਾ ਹੀ ਸਾਰੇ ਵਰਗਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਅਕਾਲੀ ਦਲ ਛੱਡ ਕੇ ਗਏ ਸੀ, ਉਨ੍ਹਾਂ ਦੀ ਵਾਪਸੀ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਛੋਟੇਪੁਰ ਨੇ ਅਕਾਲੀ ਦਲ ਵਿੱਚ ਵਾਪਸੀ ਕੀਤੀ ਹੈ। ਉਮੀਦ ਹੈ ਕਿ ਬਾਕੀ ਵੀ ਇੱਕ ਵਾਰ ਫੇਰ ਸੋਚਣਗੇ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੇ ਸੌ ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਤੇ ਬਸਪਾ ਗਠਜੋੜ ਵੱਲੋਂ ਮੋਗਾ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ। ਇਸ ਮੌਕੇ ਯੂਥ ਅਕਾਲੀ ਲੀਡਰ ਬੰਟੀ ਰੋਮਾਣਾ ਨੇ ਕਿਹਾ ਕਿ ਇਹ ਰੈਲੀ ਇਤਿਹਾਸਕ ਰੈਲੀ ਹੋਵੇਗੀ। ਪੰਜਾਬ ਦੇ ਨੌਜਵਾਨ ਹੁਣ ਬਦਲਾਅ ਚਾਹੁੰਦੇ ਹਨ। ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਵਰਕਰ ਰਾਤ ਦੇ ਹੀ ਇਥੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦੇ ਪੂਰਾ ਕਰੇਗੀ।