ਕਿਸਾਨ ਜਥੇਬੰਦੀਆਂ ਅਜੇ ਟਿੱਕ ਕੇ ਨਹੀਂ ਬੈਠਣਗੀਆਂ। ਕਿਸਾਨ ਲੀਡਰਾਂ ਨੇ ਸਪਸ਼ਟ ਕੀਤੇ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾ ਮੁੜ ਸੰਘਰਸ਼ ਵਿੱਢਿਆ ਜਾਵੇਗਾ। ਇਸ ਦੇ ਨਾਲ ਹੀ ਕਿਸਾਨ ਜਥੰਬਦੀਆਂ ਨੇ ਕਿਹਾ ਹੈ ਕਿ ਹੁਣ ਪੰਜਾਬ ਸਰਕਾਰ ਉੱਪਰ ਦਬਾਅ ਪਾਇਆ ਜਾਏਗਾ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ਵਾਪਸ ਲੈਣ ਤੇ ਕਿਸਾਨਾਂ ਦੀਆਂ ਹੋਰ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦੇਣ ਤੋਂ ਬਾਅਦ ਹੀ ਕਿਸਾਨੀ ਸੰਘਰਸ਼ ਮੁਲਤਵੀ ਕੀਤਾ ਗਿਆ ਹੈ। ਜੇ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਬਾਕੀ ਮੰਗਾਂ ਮੰਨਣ ਤੋਂ ਟਾਲਾ ਵੱਟਣ ਦੀ ਕੋਸ਼ਿਸ਼ ਕੀਤੀ ਤਾਂ ਪੰਜਾਬ ਸਮੇਤ ਦਿੱਲੀ ਦੀਆਂ ਬਰੂਹਾਂ ’ਤੇ ਦੁਬਾਰਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੇ ਆਮ ਲੋਕਾਂ ਨੂੰ ਆਪਣੇ ਹੱਕਾਂ ਖ਼ਾਤਰ ਲੜਨ ਲਈ ਨਵੀਂ ਸੇਧ ਦਿੱਤੀ ਹੈ। ਗੁਆਂਢੀ ਸੂਬਿਆਂ ਦਾ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਕਿਸਾਨਾਂ ਦੀ ਏਕਤਾ ਨਵੀਂ ਪੀੜ੍ਹੀ ਲਈ ਰਾਹ ਦਸੇਰੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਇਕੱਲੇ ਕਿਸਾਨਾਂ ਦੀ ਲੜਾਈ ਨਹੀਂ ਸੀ ਬਲਕਿ ਸਮੁੱਚੇ ਦੇਸ਼ ਵਾਸੀਆਂ ਦੀ ਸਾਂਝੀ ਲੜਾਈ ਸੀ।