ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਕਰਵਾਉਣ ਦੀ ਤਿਆਰੀ ਖਿੱਚ ਦਿੱਤੀ ਹੈ। ਚੋਣ ਕਮਿਸ਼ਨ ਨੇ ਸਪਸ਼ਟ ਕੀਤਾ ਹੈ ਕਿ ਚੋਣਾਂ ਫਰਵਰੀ 2022 ਵਿੱਚ ਹੀ ਹੋਣਗੀਆਂ ਤੇ ਇਸ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਇਸ ਤੋਂ ਤੈਅ ਹੈ ਕਿ ਜਨਵਰੀ ਦੇ ਸ਼ੁਰੂ ਵਿੱਚ ਚੋਣ ਜ਼ਾਬਤਾ ਲੱਗ ਸਕਦਾ ਹੈ।
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਦੀ ਅਗਵਾਈ ਵਾਲੇ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਨਿਰਪੱਖਤਾ ਨਾਲ ਕੰਮ ਕਰਨ ਨਹੀਂ ਤਾਂ ਕਾਰਵਾਈ ਕੀਤੀ ਜਾਵੇਗੀ। ਦਰਅਸਲ ਵੱਡੀਆਂ ਸਿਆਸੀ ਪਾਰਟੀਆਂ ਨੇ ਸ਼ਿਕਾਇਤ ਕੀਤੀ ਸੀ ਕਿ ਸਰਕਾਰ ਵੱਲੋਂ ਚੋਣਾਂ ‘ਚ ਆਪਣੇ ਲਈ ਕੰਮ ਕਰਨ ਵਾਲੇ ਅਧਿਕਾਰੀ ਨਿਯੁਕਤ ਕੀਤੇ ਜਾ ਰਹੇ ਹਨ, ਜਿਸ ‘ਤੇ ਚੋਣ ਕਮਿਸ਼ਨ ਨੇ ਸਖਤ ਰੁਖ ਅਖਤਿਆਰ ਕੀਤਾ ਹੈ।
ਕਮਿਸ਼ਨ ਨੇ ਕਿਹਾ ਕਿ ਫਰਵਰੀ 2022 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਅਧਿਕਾਰੀ ਨਿਰਪੱਖਤਾ ਨਾਲ ਕੰਮ ਕਰਨ। ਸ਼ਰਾਬ, ਪੈਸੇ ਤੇ ਨਸ਼ੇ ਆਦਿ ਦੀ ਵੰਡ ਸਬੰਧੀ ਕਮਿਸ਼ਨ ਵਿਸ਼ੇਸ਼ ਸਖ਼ਤੀ ਰੱਖੇਗਾ। ਚੋਣ ਕਮਿਸ਼ਨਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਵੱਲੋਂ ਅਧਿਕਾਰੀਆਂ ਦੀਆਂ ਵਾਰ-ਵਾਰ ਬਦਲੀਆਂ ਤੇ ਚੋਣਾਂ ਵਿੱਚ ਪੈਸੇ, ਸ਼ਰਾਬ, ਨਸ਼ੇ ਵੰਡਣ ਦੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।