ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਵੱਲੋਂ 20 ਤੋਂ 24 ਦਸੰਬਰ ਤੱਕ ਡੀਸੀ ਦਫ਼ਤਰਾਂ ਅੱਗੇ ਪੱਕੇ ਮੋਰਚੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ ਸੂਬਾਈ ਮੀਟਿੰਗ ਵਿੱਚ ਕੀਤੇ ਗਏ ਇਸ ਫੈਸਲੇ ਬਾਰੇ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਪ੍ਰੈੱਸ ਨੋਟ ਰਾਹੀਂ ਦੱਸਿਆ ਗਿਆ ਹੈ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੁਆਰਾ ਜਥੇਬੰਦੀ ਦੇ ਆਗੂਆਂ ਨੂੰ ਗੱਲਬਾਤ ਲਈ ਸੱਦ ਕੇ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦੀ ਤਾਨਾਸ਼ਾਹ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਗਈ।
ਮੁੱਖ ਮੰਗਾਂ ਵਿੱਚ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰੋ। ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ। ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਤੇ ਕਰਜ਼ੇ ਖ਼ਤਮ ਕਰੋ। 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮਾਫ਼ ਕਰੋ।
ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰੋ ਅਤੇ ਸ਼ਹੀਦ ਹੋ ਚੁੱਕੇ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ,1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਸਮੁੱਚੇ ਕਰਜ਼ੇ ਖ਼ਤਮ ਕਰੋ।ਪਾਵਰਕੌਮ ਵੱਲੋਂ ਢਾਈ ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਨੂੰ ਪਹਿਲ ਦੇ ਆਧਾਰ’ਤੇ ਐਲਾਨ ਕੀਤੇ ਖੇਤੀ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕਰੋ ਸ਼ਾਮਲ ਹਨ।