ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਸਾਂ ਜ਼ਬਤ ਕਰਨ ਦੇ ਮਾਮਲੇ ਵਿੱਚ ਜਿਥੇ ਪਹਿਲਾਂ ਹੀ ਹਾਈਕੋਰਟ ਤੋਂ ਦੋ ਝਟਕੇ ਲੱਗ ਚੁੱਕੇ ਹਨ, ਉਥੇ ਹੁਣ ਵੱਡਾ ਝਟਕਾ ਸੁਪਰੀਮ ਕੋਰਟ ਤੋਂ ਲੱਗਿਆ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਬਸਾਂ ਜ਼ਬਤ ਮਾਮਲੇ ‘ਚ ਹਾਈਕੋਰਟ ਦੇ ਫੈਸਲੇ ਨੂੰ ਚੁਨੌਤੀ ਦਿੱਤੀ ਸੀ। ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਔਰਬਿਟ ਐਵੀਏਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਦੇ ਬੱਸ ਪਰਮਿਟ ਰੱਦ ਕਰਨ ‘ਤੇ ਰੋਕ ਲਗਾਉਣ ਵਾਲੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ‘ਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਵੱਲੋਂ ਬਾਦਲ ਪਰਿਵਾਰ ਅਤੇ ਸਹਿਯੋਗੀਆਂ ਦੀਆਂ ਬਸਾਂ ਜ਼ਬਤ ਅਤੇ ਪਰਮਿਟ ਰੱਦ ਕੀਤੇ ਗਏ ਸਨ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਬਸਾਂ ਨੂੰ ਟੈਕਸ ਨਾ ਭਰਨ ਅਤੇ ਬੇਨਿਯਮੀਆਂ ਕਾਰਨ ਜ਼ਬਤ ਕੀਤਾ ਗਿਆ ਹੈ। ਪਰੰਤੂ ਬਸ ਕੰਪਨੀਆਂ ਨੇ ਮਾਮਲਾ ਹਾਈਕੋਰਟ ਲੈ ਗਈਆਂ ਅਤੇ ਹਾਈਕੋਰਟ ਵੱਲੋਂ ਬਸਾਂ ਛੱਡਣ ਅਤੇ ਪਰਮਿਟ ਬਹਾਲ ਕਰਨ ਦੇ ਹੁਕਮ ਕੀਤੇ ਗਏ।
ਇਸ ਮਾਮਲੇ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਸਖ਼ਤੀ ਟਿੱਪਣੀ ਕਰਦਿਆਂ ਦਖਲ ਦੇਣ ਤੋਂ ਇਨਕਾਰ ਕੀਤਾ ਹੈ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਅਦਾਲਤ ਵਿੱਚ ਸਿਆਸੀ ਲੜਾਈ ਨਾ ਲੜੋ’।