ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਦਾਖ਼ਲ ਹੋ ਕੇ ਬੇਅਦਬੀ ਦਾ ਯਤਨ ਕਰਨ ਤੋਂ ਬਾਅਦ ਹੁਣ ਅਜਿਹਾ ਹੀ ਮਾਮਲਾ ਕਪੂਰਥਲਾ ਤੋਂ ਸਾਹਮਣੇ ਆਇਆ ਹੈ। ਇਹ ਮਾਮਲਾ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਸ ‘ਚ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ‘ਤੇ ਹੀ ਫੜਿਆ ਗਿਆ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਹ ਘਟਨਾ ਅੱਜ ਸਵੇਰੇ ਵਾਪਰੀ ਹੈ। ਪਿੰਡ ਵਾਸੀਆਂ ਅਨੁਸਾਰ ਅੱਜ ਸਵੇਰੇ ਚਾਰ ਵਜੇ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿੱਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਦੇਖਿਆ ਗਿਆ, ਜਿਸ ਨੂੰ ਤੁਰੰਤ ਫੜਨ ਦੀ ਕੋਸ਼ਿਸ਼ ਕੀਤੀ ਗਈ ਅਤੇ ਕਰੀਬ 5 ਵਜੇ ਉਸ ਨੂੰ ਕਾਬੂ ਕਰ ਲਿਆ ਗਿਆ। ਪਿੰਡ ਵਾਸੀਆਂ ਅਨੁਸਾਰ ਉਸ ਨੇ ਮੰਨਿਆ ਹੈ ਕਿ ਉਹ ਬੇਅਦਬੀ ਕਰਨ ਦੇ ਮਕਸਦ ਨਾਲ ਆਇਆ ਸੀ, ਹਾਲਾਂਕਿ ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।