ਪੰਜਾਬ ’ਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਪਿਛਲੇ ਚਾਰ ਦਿਨਾਂ ਤੋਂ ਲੋਕ ਕਡ਼ਾਕੇ ਦੀ ਠੰਢ ਦਾ ਸਾਹਮਣਾ ਕਰ ਰਹੇ ਹਨ। ਭਾਰਤੀ ਮੌਸਮ ਵਿਭਾਗ ਚੰਡੀਗਡ਼੍ਹ ਅਨੁਸਾਰ ਐਤਵਾਰ ਨੂੰ ਪੰਜਾਬ ’ਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਤਾਪਮਾਨ 0.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸਧਾਰਨ ਤੋਂ ਤਿੰਨ ਡਿਗਰੀ ਘੱਟ ਰਿਹਾ। ਦੂਜੇ ਪਾਸੇ ਫ਼ਰੀਦਕੋਟ ਦਾ ਤਾਪਮਾਨ ਇਕ ਡਿਗਰੀ ਸੈਲਸੀਅਸ ਰਿਹਾ। ਬਠਿੰਡੇ ਦਾ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ ਚਾਰ ਡਿਗਰੀ ਘੱਟ ਸੀ।
ਮੌਸਮ ਵਿਭਾਗ ਅਨੁਸਾਰ ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ’ਚ ਸਵੇਰੇ ਸੰਘਣੀ ਧੁੰਦ ਤੇ ਕੋਰਾ ਪਵੇਗਾ ਜਦਕਿ 21 ਦਸੰਬਰ ਨੂੰ ਮੌਸਮ ਸਾਫ਼ ਰਹੇਗਾ। ਉਧਰ 22 ਦਸੰਬਰ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ ਜਦਕਿ 24 ਤੇ 25 ਦਸੰਬਰ ਨੂੰ ਵੀ ਬੱਦਲ ਛਾਏ ਰਹਿ ਸਕਦੇ ਹਨ। ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਢੀਆਂ ਹਵਾਵਾਂ ਵੀ ਚੱਲਣਗੀਆਂ ਜਿਸ ਕਾਰਨ ਲੋਕਾਂ ਨੂੰ ਕਾਂਬਾ ਛਿਡ਼ੇਗਾ।