ਖੁਫੀਆ ਏਜੰਸੀਆਂ ਨੇ ਚੋਣਾਂ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਹਮਲੇ ਦੀ ਸੰਭਾਵਨਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਇਸ ਸਬੰਧੀ ਸੂਬਾ ਪੁਲਿਸ ਨੂੰ ਸੰਵੇਦਨਸ਼ੀਲ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਵਧਾਉਣ ਤੇ ਸੋਸ਼ਲ ਮੀਡੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ।
ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀ ਗਤੀਵਿਧੀਆਂ ਦੀ ਸੰਭਾਵਨਾ ਨੂੰ ਲੈ ਕੇ ਸੂਬਾ ਪੁਲਿਸ ਨੂੰ ਪਹਿਲਾਂ ਹੀ ਕਈ ਸੁਰੱਖਿਆ ਸਲਾਹਾਂ ਦਿੱਤੀਆਂ ਜਾ ਚੁੱਕੀਆਂ ਹਨ। ਸਥਿਤੀ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀ ਇਸ ਸਬੰਧੀ ਸੂਬਾ ਪੁਲਿਸ ਤੇ ਸਥਾਨਕ ਖੁਫੀਆ ਏਜੰਸੀ ਨਾਲ ਤਾਲਮੇਲ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਸੂਬੇ ਦੀ ਖੁਫੀਆ ਏਜੰਸੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੱਤਵਾਦੀ ਗਤੀਵਿਧੀਆਂ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਅਸੀਂ ਸੋਸ਼ਲ ਮੀਡੀਆ ‘ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਕਸ਼ਮੀਰ ਨਾਲੋਂ ਪੰਜਾਬ ਦੇ ਹਾਲਾਤ ਜ਼ਿਆਦਾ ਨਾਜ਼ੁਕ ਹਨ।
ਉਨ੍ਹਾਂ ਕਿਹਾ ਕਿ ਕੁਝ ਮਹੀਨੇ ਪਹਿਲਾਂ ਸਰਹੱਦੀ ਖੇਤਰ ਵਿੱਚ ਡ੍ਰੋਨ ਗਤੀਵਿਧੀਆਂ ਦੇਖੀਆਂ ਗਈਆਂ, ਜਿੱਥੇ ਭਾਰਤੀ ਖੇਤਰ ਵਿੱਚ ਵਿਸਫੋਟਕ ਤੇ ਹਥਿਆਰ ਸੁੱਟੇ ਗਏ ਸੀ। ਇਸ ਗੱਲ ਦੀ ਸੰਭਾਵਨਾ ਹੈ ਕਿ ਇਨ੍ਹਾਂ ਦੀ ਵਰਤੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਅਸਥਿਰ ਕਰਨ ਲਈ ਕੀਤੀ ਜਾ ਸਕਦੀ ਹੈ।