ਪੰਜਾਬ ‘ਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਅੰਦਰ ਧਾਰਾ 144 ਲਗਾ ਦਿੱਤੀ ਗਈ ਹੈ। ਏਡੀਸੀ ਜਨਰਲ ਅਮਰਜੀਤ ਬੈਂਸ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿਚ ਕਿਹਾ ਗਿਆ ਹੈ ਕਿ ਪਿਛਲੇ ਦਿਨੀਂ ਪੰਜਾਬ ਅੰਦਰ ਵਾਪਰੀਆਂ ਘਟਨਾਵਾਂ ਕਾਰਨ ਅਮਨ ਤੇ ਸ਼ਾਂਤੀ ਵਿਵਸਥਾ ਨੂੰ ਖਤਰਾ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ਅੰਦਰ ਧਾਰਾ 144 ਲਾ ਕੇ ਹਰ ਤਰ੍ਹਾਂ ਦੇ ਹਥਿਆਰ ਲੈ ਕੇ ਚੱਲਣ ਅਤੇ ਜਲਸੇ-ਜਲੂਸ ਕੱਢਣ ਉਪਰ ਪਾਬੰਦੀ ਲਾਈ ਗਈ ਹੈ। ਏਡੀਸੀ ਬੈਂਸ ਮੁਤਾਬਕ 144 ਧਾਰਾ ਤਹਿਤ ਪਾਬੰਦੀ ਦੇ ਇਹ ਹੁਕਮ 22 ਫਰਵਰੀ 2022 ਤਕ ਜਾਰੀ ਰਹਿਣਗੇ।

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਸੂਬੇ ਵਿਚ ਕੁਝ ਅਣਸੁਖਾਵੀਆਂ ਘਟਨਾਵਾਂ ਹੋ ਰਹੀਆਂ ਹਨ। ਜਿਸ ਨਾਲ ਹਰ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਤਰਾ ਬਣਿਆ ਹੋਇਆ ਹੈ। ਜ਼ਿਲ੍ਹਾ ਜਲੰਧਰ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਇਹ ਜ਼ਰੂਰੀ ਹੈ ਕਿ ਬਿਨਾਂ ਆਗਿਆ ਕਿਸੇ ਕਿਸਮ ਦਾ ਜਲੂਸ ਕੱਢਣ, ਬਰਛੇ, ਛੁਰੇ ਤੇ ਹੋਰ ਘਾਤਕ ਹਥਿਆਰਾਂ ਨੂੰ ਚੁੱਕ ਕੇ ਚੱਲਣਾ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ ਅਤੇ ਨਾਅਰੇਬਾਜ਼ੀ ਕਰਨ ‘ਤੇ ਪਾਬੰਦੀ ਲਗਾਈ ਜਾਵੇ। ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।