ਕਪੂਰਥਲਾ ਦੇ ਨਿਜ਼ਾਮਪੁਰ ’ਚ ਵਾਪਰੀ ਬੇਅਦਬੀ ਦੀ ਕੋਸ਼ਿਸ਼ ਕਰਨ ਦੀ ਘਟਨਾ ਦੌਰਾਨ ਭੀੜ ਵੱਲੋਂ ਮਾਰੇ ਗਏ ਨੌਜਵਾਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੰਜਾਬ ਪੁਲਸ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ ’ਚ ਪੰਜਾਬ ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਅਮਰਜੀਤ ਸਿੰਘ ਨੂੰ ਗਿ੍ਰਫ਼ਤਾਰ ਕਰ ਲਿਆ ਹੈ।
ਇਸ ਦੇ ਨਾਲ ਹੀ ਪੁਲਸ ਵੱਲੋਂ ਹੋਰ ਕਈ ਲੋਕਾਂ ਦੇ ਨਾਵਾਂ ਦੀ ਵੀ ਚਰਚਾ ਕੀਤੀ ਜਾ ਰਹੀ ਹੈ, ਜੋਕਿ ਵਾਇਰਲ ਵੀਡੀਓ ’ਚ ਨਾਲ ਨਜ਼ਰ ਆ ਰਹੇ ਹਨ। ਉਥੇ ਹੀ ਗ੍ਰੰਥੀ ਦੇ ਪਰਿਵਾਰ ਨੂੰ ਵੀ ਕਿਸੇ ਹੋਰ ਥਾਂ ’ਤੇ ਸ਼ਿਫਟ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰੰਥੀ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਮਾਮਲੇ ਵਿਚ ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਇਸ ਮਾਮਲੇ ਵਿਚ 100 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।