ਸ਼ਹਿਰ ‘ਚ ਓਮੀਕ੍ਰੋਨ ਵੇਰੀਐਂਟ ਦੇ ਖਤਰੇ ਨੂੰ ਦੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤੀ ਕਰ ਦਿੱਤੀ ਹੈ। ਹੁਣ ਜਿੰਨ੍ਹਾਂ ਨੂੰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਨਹੀਂ ਲੱਗੀਆਂ ਹਨ, ਉਨ੍ਹਾਂ ਨੂੰ ਸਬਜ਼ੀ ਮੰਡੀ, ਅਨਾਜ ਮੰਡੀ, ਪਬਲਿਕ ਟ੍ਰਾਂਸਪੋਰਟ, ਪਾਰਕ, ਧਾਰਮਿਕ ਸਥਾਨ, ਮਾਲ, ਸ਼ਾਪਿੰਗ ਕੰਪਲੈਕਸ, ਲੋਕਲ ਮਾਰਕਿਟ ਅਤੇ ਹੋਰ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਐਂਟਰੀ ਨਹੀਂ ਮਿਲੇਗੀ। ਇਸ ਤੋਂ ਇਲਾਵਾ ਹੋਟਲ, ਬਾਰ, ਰੈਸਟੋਰੈਂਟ, ਸਿਨੇਮਾ ਹਾਲ, ਜਿੰਮ ਆਦਿ ‘ਚ ਵੀ ਇਹ ਪਾਹੰਦੀ ਰਹੇਗੀ।
ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ 500 ਰੁਪਏ ਦਾ ਚਲਾਨ ਕੱਟਿਆ ਜਾਵੇਗਾ ਅਤੇ ਚਲਾਨ ਰਾਸ਼ੀ ਦਾ ਭੁਗਤਾਨ ਨਾ ਕਰਨ ‘ਤੇ ਆਈ.ਪੀ.ਸੀ. ਦੇ ਸੈਕਸ਼ਨ 188 ਤਹਿਤ ਕਾਰਵਾਈ ਕੀਤੀ ਜਾਵੇਗੀ। ਸਲਾਹਕਾਰ ਧਰਮਪਾਲ ਵੱਲੋਂ ਸ਼ੁੱਕਰਵਾਰ ਨੂੰ ਇਸ ਸੰਬੰਧ ‘ਚ ਹੁਕਮ ਜਾਰੀ ਕੀਤੇ ਗਏ। 1 ਜਨਵਰੀ 2022 ਤੋਂ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਹੋਵੇਗੀ। ਦੱਸ ਦੇਈਏ ਕਿ ਸ਼ਹਿਰ ‘ਚ ਕੋਰੋਨਾ ਦੀ ਪਹਿਲੀ ਡੋਜ਼ ਸਾਰੇ ਲੋਕਾਂ ਨੇ ਲਗਵਾ ਲਈ ਹੈ ਪਰ ਅਜੇ ਵੀ ਵੈਕਸੀਨ ਦੀ ਦੂਜੀ ਖੁਰਾਕ ਕਈ ਲੋਕਾਂ ਨੇ ਨਹੀਂ ਲਵਾਈ ਹੈ ਜਿਸ ਦੇ ਚੱਲਦੇ ਪ੍ਰਸ਼ਾਸਨ ਵੱਲੋਂ ਇਹ ਸਖ਼ਤੀ ਕੀਤੀ ਜਾ ਰਹੀ ਹੈ ਤਾਂ ਕਿ ਜਲਦ ਤੋਂ ਜਲਦ ਸਾਰੇ ਲੋਕ ਕੋਰੋਨਾ ਵੈਕਸੀਨ ਦੀ ਦੂਜੀ ਖੁਰਾਕ ਲਵਾ ਸਕਣ।