ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾਉਣ ਵਰਗੀਆਂ ਮੰਗਾਂ ਨੂੰ ਲੈ ਕੇ ਕਿਸਾਨ ਭਾਵੇਂ ਆਪਣਾ ਅੰਦੋਲਨ ਮੁਲਤਵੀ ਕਰ ਕੇ ਘਰਾਂ ਨੂੰ ਪਰਤ ਗਏ ਹੋਣ, ਪਰ ਹੁਣ ਉਹ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਨਿਆ ਜਾ ਰਿਹਾ ਹੈ ਕਿ ਕਿਸਾਨ ਅੱਜ ਆਪਣੇ ਸਿਆਸੀ ਫਰੰਟ ਜਾਂ ਸਿਆਸੀ ਪਾਰਟੀ ਦਾ ਐਲਾਨ ਕਰ ਸਕਦੇ ਹਨ।
ਮੰਨਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਹੀ ਚੰਡੀਗੜ੍ਹ ‘ਚ ਕਿਸਾਨਾਂ ਦੇ ਸਿਆਸੀ ਫਰੰਟ ਜਾਂ ਪਾਰਟੀ ਦਾ ਐਲਾਨ ਕਰ ਦਿੱਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ 20 ਤੋਂ 25 ਕਿਸਾਨ ਜਥੇਬੰਦੀਆਂ ਇਸ ਸਿਆਸੀ ਫਰੰਟ ਜਾਂ ਪਾਰਟੀ ਦਾ ਹਿੱਸਾ ਬਣਨਗੀਆਂ। ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਦੀ ਅਗਵਾਈ ਸੀਨੀਅਰ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਕਰਨਗੇ। ਸੂਤਰਾਂ ਦਾ ਇਹ ਵੀ ਕਹਿਣਾ ਹੈ ਕਿ ਬਾਅਦ ਵਿਚ ਇਹ ਫਰੰਟ ਜਾਂ ਪਾਰਟੀ ਆਮ ਆਦਮੀ ਪਾਰਟੀ ਨਾਲ ਜੁੜ ਸਕਦੀ ਹੈ।
ਦਸ ਦੇਈਏ ਕਿ ਪੰਜਾਬ ਦੀਆਂ ਕਈ ਕਿਸਾਨ ਜਥੇਬੰਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦੇ ਹੱਕ ਵਿੱਚ ਹਨ। ਪਰ ਇਨ੍ਹਾਂ ਵਿਚੋਂ ਬਹੁਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਜਾਂ ਭਾਜਪਾ ਵਰਗੀਆਂ ਪਾਰਟੀਆਂ ਨਾਲ ਜੁੜਨਾ ਨਹੀਂ ਚਾਹੁੰਦੇ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਲੋਕ ਅਤੇ ਸੰਸਥਾਵਾਂ ਜਿਨ੍ਹਾਂ ਵਿੱਚ ਆਈ.ਏ.ਐਸ., ਆਈ.ਪੀ.ਐਸ., ਫੌਜੀ ਮੁਲਾਜ਼ਮ ਜੁੜੇ ਹੋਏ ਹਨ, ਕਿਸਾਨਾਂ ਨੂੰ ਸਰਗਰਮ ਰਾਜਨੀਤੀ ਦਾ ਹਿੱਸਾ ਬਣਨ ਦੀ ਅਪੀਲ ਕਰ ਰਹੇ ਹਨ।