ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਕਈ ਸਹੂਲਤਾਂ ਦੇ ਐਲਾਨ ਕੀਤੇ ਹਨ। ਪੀਏਪੀ ਕੰਪਲੈਕਸ ’ਚ ਹੋਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਤੇ ਪੁਲਿਸ ’ਚ ਸੇਵਾ ਚੁਣੌਤੀਪੂਰਨ ਕੰਮ ਹੈ। ਪੰਜਾਬ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਤੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ’ਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ। ਉਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਮੰਨਦਿਆ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਰਕਾਰੀ ਬੱਸਾਂ ’ਚ ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮ ਲਈ ਮੁਫ਼ਤ ਬੱਸ ਯਾਤਰਾ ਦਾ ਐਲਾਨ ਕੀਤਾ ਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖ਼ਾਹ ਮਿਲਦੀ ਰਹੇਗੀ।
ਦਸ ਦੇਈਏ ਕਿ ਮੁੱਖ ਮੰਤਰੀ ਨੇ ਕਿਹਾ ਕਿ ਜਾਨ ਜੋਖ਼ਮ ’ਚ ਪਾ ਕੇ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਨੂੰ ਜੋਖਮ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਿਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਖੇਡਾਂ ਨੂੰ ਹੁਲਾਰਾ ਦੇਣ ਲਈ ਪੀਏਪੀ ਕੈਂਪਸ ’ਚ ਇਕ ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ। ਉਨ੍ਹਾਂ ਪੁਲਿਸ ਫੋਰਸ ’ਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ।