ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਥੇ ਪੁੱਜੇ। ਇੱਥੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰਦੇਵ ਸਿੰਘ ਗੋਬਿੰਦਗੜ੍ਹ ਦੇ ਹੱਕ ‘ਚ ਚੋਣ ਪ੍ਰਚਾਰ ਕਰਦਿਆਂ ਸੁਖਬੀਰ ਬਾਦਲ ਨੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਬੱਚਿਆਂ ਲਈ ਵੱਡੇ ਐਲਾਨ ਕੀਤੇ।
ਸੁਖਬੀਰ ਬਾਦਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ ‘ਤੇ ਹਰ 25 ਹਜ਼ਾਰ ਆਬਾਦੀ ਅੰਦਰ 5000 ਬੱਚਿਆਂ ਦਾ ਵੱਡਾ ਮੈਗਾ ਸਕੂਲ ਬਣਾਇਆ ਜਾਵੇਗਾ ਅਤੇ 50 ਬੱਚਿਆਂ ਪਿੱਛੇ ਇਕ ਅਧਿਆਪਕ ਹੋਵੇਗਾ।
ਕਾਨੂੰਨ ਲਿਆਂਦਾ ਜਾਵੇਗਾ ਕਿ ਪੰਜਾਬ ਦੇ ਜਿੰਨੇ ਵੀ ਸਰਕਾਰੀ ਅਤੇ ਨਿੱਜੀ ਕਾਲਜ ਹਨ, ਉਨ੍ਹਾਂ ‘ਚ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਵਾਸਤੇ 33 ਫ਼ੀਸਦੀ ਸੀਟਾਂ ਰੱਖੀਆਂ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ ਤਾਂ ਜੋ ਗਰੀਬ ਬੱਚਿਆਂ ਨੂੰ ਪੜ੍ਹਨ ਦਾ ਕੋਈ ਫ਼ਿਕਰ ਨਾ ਹੋਵੇ। ਉਨ੍ਹਾਂ ਕਿਹਾ ਕਿ ਅਗਲੇ 5 ਸਾਲਾਂ ਦੇ ਅੰਦਰ ਗਰੀਬ ਘਰਾਂ ਦੇ ਬੱਚਿਆਂ ਨੂੰ ਡਾਕਟਰ, ਇੰਜੀਨੀਅਰ ਬਣਾ ਕੇ ਦਿਖਾਵਾਂਗੇ। ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਪੜ੍ਹੇ ਹੋਏ ਬੱਚਿਆਂ ਲਈ ਸਰਕਾਰੀ ਨੌਕਰੀਆਂ ‘ਚ 33 ਫ਼ੀਸਦੀ ਰਾਖਵਾਂਕਰਨ ਕੀਤਾ ਜਾਵੇਗਾ।