ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਸ ਮੀਟਿੰਗ ਵਿੱਚ ਅਹਿਮ ਫੈਸਲੇ ਲਏ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਕਿਸਾਨਾਂ ਤੇ ਮੁਲਾਜ਼ਮਾਂ ਦੇ ਮਸਲੇ ਵਿਚਾਰੇ ਜਾਣਗੇ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਕਿਸਾਨ ਤੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਮਗਰੋਂ ਅੱਜ ਕੈਬਨਿਟ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ।
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਪੰਜ ਏਕੜ ਦੀ ਮਾਲਕੀ ਵਾਲੇ ਕਿਸਾਨਾਂ ਜਿਨ੍ਹਾਂ ਨੂੰ ਕਰਜ਼ਾ ਮੁਆਫ਼ੀ ਦਾ ਲਾਭ ਹਾਲੇ ਤੱਕ ਨਹੀਂ ਮਿਲਿਆ, ਉਨ੍ਹਾਂ ਲਈ ਬਕਾਇਆ ਰਾਸ਼ੀ ਨੂੰ ਹਰੀ ਝੰਡੀ ਦਿੱਤੀ ਜਾ ਸਕਦੀ ਹੈ। ਪੰਜਾਬ ਸਰਕਾਰ ਦੀ ਕਰਜ਼ਾ ਮੁਆਫ਼ੀ ਸਕੀਮ ਤਹਿਤ 5.61 ਲੱਖ ਯੋਗ ਕਿਸਾਨਾਂ ਦੀ ਸ਼ਨਾਖ਼ਤ ਕੀਤੀ ਗਈ ਸੀ, ਜਿਨ੍ਹਾਂ ਕੋਲ ਪੰਜ ਏਕੜ ਤੱਕ ਦੀ ਮਾਲਕੀ ਸੀ। ਇਨ੍ਹਾਂ ਕਿਸਾਨਾਂ ਨੂੰ 4,603 ਕਰੋੜ ਰੁਪਏ ਦੀ ਮੁਆਫ਼ੀ ਦਿੱਤੀ ਗਈ ਸੀ।