ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੇ ਦਸਤਖਤਾਂ ਹੇਠ ਜਾਰੀ ਪਹਿਲੀ ਸੂਚੀ ਵਿੱਚ 12 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਪਾਰਟੀ ਨੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ ਸਮੇਤ ਸਾਬਕਾ ਸੰਸਦ ਮੈਂਬਰਾਂ ਅਤੇ ਉੱਘੇ ਖਿਡਾਰੀਆਂ, ਸਮਾਜ ਸੇਵੀ ਅਤੇ ਕਿਸਾਨ ਅੰਦੋਲਨ ਵਿੱਚ ਸਰਗਰਮ ਭਾਗੀਦਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਪਾਰਟੀ ਦੇ ਦਫ਼ਤਰ ਸਕੱਤਰ ਤੇ ਬੁਲਾਰੇ ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆ ਕਿ ਪਾਰਟੀ ਜਲਦੀ ਹੀ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰੇਗੀ।
