ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਇਹ ਵੀ ਮੰਗ ਕੀਤੀ ਕਿ ਏਅਰ ਲਾਇਨਜ਼ ਕੰਪਨੀਆਂ ਵੱਲੋਂ ਜਹਾਜ਼ਾਂ ਦੀਆਂ ਟਿੱਕਟਾਂ ਦੀਆਂ ਕੀਮਤਾਂ ‘ਚ ਕੀਤੇ ਗਏ ਕਈ ਗੁਣਾਂ ਵਾਧੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇ, ਕਿਉਂਕਿ ਇਹ ਸੰਕਟ ‘ਚ ਘਿਰੇ ਲੋਕਾਂ ਦੀ ਅੰਨੀ ਲੁੱਟ ਹੈ, ਜਿਸ ਲਈ ਸਰਕਾਰ ਜ਼ਿੰਮੇਵਾਰ ਹੈ।
ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ, ”ਯੂਕਰੇਨ ਅਤੇ ਰੂਸ ਵਿਚਕਾਰ ਬਣੇ ਅਣਸੁਖਾਵੇਂ ਹਲਾਤ ਕਾਰਨ ਯੂਕਰੇਨ ਵਿੱਚ ਪੜ ਰਹੇ ਵਿਦਿਆਰਥੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਮੇਤ ਪੂਰੇ ਭਾਰਤ ਵਿਚੋਂ ਸੈਂਕੜੇ ਵਿਦਿਆਰਥੀ ਯੂਕਰੇਨ ‘ਚ ਮੈਡੀਕਲ ਦੀ ਪੜਾਈ ਕਰਨ ਲਈ ਗਏ ਸਨ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਛੱਡ ਕੇ ਵਾਪਸ ਆਉਣ ਦੇ ਆਦੇਸ਼ ਤਾਂ ਜਾਰੀ ਕੀਤੇ ਹਨ, ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦਾ ਕੋਈ ਪ੍ਰਬੰਧ ਨਹੀਂ ਕੀਤਾ। ਨਾ ਕਿਸੇ ਏਅਰਲਾਇਨਜ਼ ਨੂੰ ਜ਼ਿੰਮੇਵਾਰੀ ਸੌਂਪੀ ਹੈ ਅਤੇ ਨਾ ਹੀ ਜਹਾਜਾਂ ਦੀਆਂ ਟਿੱਕਟਾਂ ਦੀਆਂ ਕੀਮਤਾਂ ‘ਤੇ ਕੰਟਰੋਲ ਕੀਤਾ ਗਿਆ ਹੈ।