ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ‘ਤੇ ਵਿਵਾਦ ਜਾਰੀ ਹੈ। ਹੁਣ ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਕੌਮੀ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਕਿਹਾ ਹੈ ਕਿ ਜੇਕਰ ਭੁੱਲਰ ਨੂੰ ਰਿਹਾਅ ਕੀਤਾ ਗਿਆ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜ੍ਹਕਾਉਣਗੇ ਤੇ ਅਜਿਹੇ ਹੋਰ ਵੀ ਕੇਸਾਂ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ, ਜਿਨ੍ਹਾਂ ਨੂੰ ਇਸੇ ਤਰ੍ਹਾਂ ਪਹਿਲਾਂ ਛੱਡਿਆ ਗਿਆ ਹੈ। ਬਿੱਟਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਚ ਵੀ ਭੁੱਲਰ ਦੀ ਰਿਹਾਈ ਨੂੰ ਮੁੱਦਾ ਬਣਾਇਆ ਗਿਆ, ਜਦਕਿ ਉਸ ਦੀ ਫਾਂਸੀ ਦੀ ਸਜ਼ਾ ਤੋਂ ਲੈ ਕੇ ਹੁਣ ਤੱਕ ਸਿਆਸਤ ਹੀ ਹੁੰਦੀ ਆਈ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਨਾਹਗਾਰ ਨੂੰ ਦੋਸ਼ ਸਿੱਧ ਹੋ ਜਾਣ ਬਾਅਦ ਵੀ ਰਿਹਾਅ ਕਰ ਦਿੱਤਾ ਜਾਂਦਾ ਹੈ ਤਾਂ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਧਮਾਕੇ ਦੇ ਮੁਲਜ਼ਮਾਂ ਨੂੰ ਵੀ ਬਾਅਦ ਵਿੱਚ ਇਸੇ ਤਰ੍ਹਾਂ ਛੱਡ ਦਿੱਤੇ ਜਾਣ ਦੀ ਵਕਾਲਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਆਸੀ ਪਾਰਟੀਆਂ ਵੋਟਾਂ ਖਾਤਰ ਸੂਬੇ ਦਾ ਮਾਹੌਲ ਖਰਾਬ ਕਰਨ ਲੱਗੀਆਂ ਹੋਈਆਂ ਹਨ, ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ।