Latest ਖੇਤੀਬਾੜੀ ਪੰਜਾਬ

ਕਿਸਾਨਾਂ ਲਈ ਖੁਸ਼ਖਬਰੀ: ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਮਿਲੇਗਾ ਇੰਨਾ ਮੁਆਵਜ਼ਾ, ਪੜ੍ਹੋ ਖ਼ਬਰ

ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖਬਰੀ ਹੈ। ਪੰਜਾਬ ‘ਚ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਪੰਜਾਬ ਅਤੇ ਦਿੱਲੀ ਸਰਕਾਰ ਵੱਲੋਂ 500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ, ਜਦਕਿ ਕੇਂਦਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਸੂਬਾ ਸਰਕਾਰਾਂ ਅਤੇ ਕੇਂਦਰ ਦੋਵਾਂ ਵੱਲੋਂ ਸਾਂਝੇ ਤੌਰ ‘ਤੇ ਕਦਮ ਚੁੱਕਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਇਸ ਸਬੰਧੀ ਏਅਰ ਕੁਆਲਿਟੀ ਕਮਿਸ਼ਨ ਨੂੰ ਮਤਾ ਭੇਜਿਆ ਹੈ। ਇਕ ਰਿਪੋਰਟ ਅਨੁਸਾਰ ਰਾਜ ਸਰਕਾਰ ਦੇ ‘ਅਨਾਜ ਖਰੀਦ’ ਪੋਰਟਲ ‘ਤੇ ਸਾਰੇ ਕਿਸਾਨਾਂ ਦੇ ਵੇਰਵੇ ਪਹਿਲਾਂ ਹੀ ਅਪਲੋਡ ਕੀਤੇ ਜਾ ਚੁੱਕੇ ਹਨ। ਕਿਸਾਨਾਂ ਤੋਂ ਖਰੀਦੀ ਗਈ ਫਸਲ ਦੀ ਅਦਾਇਗੀ ਵੀ ਇਸ ਪੋਰਟਲ ਰਾਹੀਂ ਕੀਤੀ ਜਾਂਦੀ ਹੈ। ਸਰਕਾਰ ਅਨਾਜ ਖਰੀਦ ਪੋਰਟਲ ਰਾਹੀਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਅਤੇ ਇਨ-ਸੀਟੂ ਮੈਨੇਜਮੈਂਟ ਲਈ ਇਹ ਨਕਦ ਪ੍ਰੋਤਸਾਹਨ ਦੇਵੇਗੀ।
ਸਰਕਾਰ ਇਸ ਮੁਆਵਜ਼ੇ ਦੀ ਮੰਗ ਲਈ ਕਿਸਾਨਾਂ ਦੁਆਰਾ ਕੀਤੇ ਗਏ ਦਾਅਵਿਆਂ ਦੀ ਪੁਸ਼ਟੀ ਕਰਨ ਲਈ ਰਿਮੋਟ ਸੈਂਸਿੰਗ ਇਮੇਜਰੀ ਦੇ ਨਾਲ-ਨਾਲ ਖੇਤਾਂ ਦੀ ਭੌਤਿਕ ਤਸਦੀਕ ‘ਤੇ ਨਿਰਭਰ ਕਰੇਗੀ। ਸੂਬੇ ਦੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਹ ਪਹਿਲੀ ਵਾਰ ਹੈ ਜਦੋਂ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਦੂਰ ਰੱਖਣ ਲਈ ਨਕਦ ਉਤਸਾਹਤ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।

Leave a Comment

Your email address will not be published.

You may also like

Skip to toolbar