ਚੰਡੀਗੜ੍ਹ: ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਜਿੱਥੇ ਸੂਬਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਵੱਧ ਰਹੀ ਠੰਡ ਦੌਰਾਨ ਸਰਕਾਰ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਸਰਕਾਰ ਵਲੋਂ ਜਾਰੀ ਕੀਤੇ ਗਏ ਹੁਕਮ ਦੇ ਮੁਤਾਬਕ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ 2022 ਤੋਂ ਲੈ ਕੇ 1 ਜਨਵਰੀ 2023 ਤੱਕ ਸਰਦੀ ਦੀਆਂ ਛੁੱਟੀਆਂ ਹੋਣਗੀਆਂ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਪੰਜਾਬ ਵਿੱਚ 21 ਦਸੰਬਰ ਤੋਂ ਲੈ ਕੇ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਸੂਬੇ ‘ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ…”
