ਸਟੇਟ ਡੈਸਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਮੈਂਬਰ ਬੀਐੱਸ ਸਿਆਲਕਾ ਨੇ ਹਰਿਆਣਾ ਸਰਕਾਰ ਵੱਲੋਂ ਡੇਰਾਮੁਖੀ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ਵਿੱਚ ਹਰਿਆਣਾ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ, ਰੋਹਤਕ ਕਮਿਸ਼ਨਰ, ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਦੇ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ, ਕੇਂਦਰੀ ਗ੍ਰਹਿ ਸਕੱਤਰ, ਸੁਨਾਰੀਆ ਜੇਲ੍ਹ ਦੇ ਸੁਪਰਡੈਂਟ, ਡੀਸੀ ਰੋਹਤਕ ਅਤੇ ਡੇਰਾ ਮੁਖੀ ਗੁਰਮੀਤ ਸਿੰਘ ਨੂੰ ਜਵਾਬਦੇਹ ਬਣਾਇਆ ਗਿਆ ਹੈ।
ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੰਦੇ ਹੋਏ ਸਿੱਧੇ ਤੌਰ ‘ਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਬਲਾਤਕਾਰ ਅਤੇ ਕਤਲ ਵਰਗੇ ਮਾਮਲਿਆਂ ‘ਚ ਸਜ਼ਾ ਕੱਟ ਰਿਹਾ ਹੈ। ਉਸ ‘ਤੇ ਪੰਜਾਬ ‘ਚ ਵੀ ਕਈ ਮਾਮਲੇ ਦਰਜ ਹਨ।
ਗੁਰੂ ਗ੍ਰੰਥ ਸਾਹਿਬ ਜੀ ਦਾ ਕਥਿਤ ਤੌਰ ‘ਤੇ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਅਪਮਾਨ ਕੀਤਾ ਗਿਆ ਸੀ, ਜਿਸ ‘ਤੇ ਸਿੱਖਾਂ ਅਤੇ ਉਨ੍ਹਾਂ ਦੇ ਪੈਰੋਕਾਰਾਂ ਵਿਚਕਾਰ ਕਈ ਵਾਰ ਝਗੜਾ ਹੋਇਆ ਸੀ। ਇਸ ਕਾਰਨ ਪੰਜਾਬ ਭਰ ‘ਚ ਕਈ ਰੋਸ ਮਾਰਚ, ਪੰਜਾਬ ਬੰਦ, ਸੜਕਾਂ ਅਤੇ ਰੇਲਵੇ ਲਾਈਨਾਂ ਜਾਮ ਕੀਤੀਆਂ ਗਈਆਂ।
ਡੇਰਾ ਮੁਖੀ ਨੂੰ ਪੈਰੋਲ ਦੇਣ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਪੰਜਾਬ ਦੀ ਸ਼ਾਂਤੀ ਨੂੰ ਖ਼ਤਰਾ ਪੈਦਾ ਹੋਇਆ ਹੈ। ਪਟੀਸ਼ਨ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਸੀ ਕਿ ਡੇਰਾ ਮੁਖੀ ਦੀ ਪੈਰੋਲ ਰੱਦ ਕੀਤੀ ਜਾਵੇ ਅਤੇ ਇਸ ਪਟੀਸ਼ਨ ਦੇ ਲੰਬਿਤ ਹੋਣ ਤੱਕ ਉਸ ਨੂੰ ਵਾਪਸ ਜੇਲ੍ਹ ਭੇਜਿਆ ਜਾਵੇ। ਹਾਈਕੋਰਟ ਦੀ ਰਜਿਸਟਰੀ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈ ਕੋਰਟ ਸੋਮਵਾਰ ਨੂੰ ਇਸ ‘ਤੇ ਸੁਣਵਾਈ ਕਰ ਸਕਦੀ ਹੈ।
ਡੇਰਾਮੁਖੀ ਦੀ ਪੈਰੋਲ ਖ਼ਿਲਾਫ਼ ਹਾਈ ਕੋਰਟ ‘ਚ ਪਟੀਸ਼ਨ, ਐੱਸਜੀਪੀਸੀ ਮੈਂਬਰ ਬੀਐੱਸ ਸਿਆਲਕਾ ਨੇ ਕੀਤੀ ਦਾਖ਼ਲ
