14 ਫਰਵਰੀ 2023 :- ਪੰਜਾਬ ਵਿੱਚ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਾਉਣ ਲਈ ਪ੍ਰਸਾਸ਼ਨ ਸਖਤ ਹੋ ਗਿਆ ਹੈ। ਸਰਕਾਰ ਵੱਲੋਂ ਜਿੱਥੇ ਇੱਕ ਪਾਸੇ ਪੰਜਾਬੀ ਭਾਸ਼ਾ ਵਿੱਚ ਸਾਈਨ ਬੋਰਡ ਲਾਉਣ ਲਈ ਪ੍ਰੇਰਿਆ ਜਾ ਰਿਹਾ ਹੈ, ਉੱਥੇ ਨਾਲ ਹੀ ਅਫਸਰਾਂ ਨੂੰ ਸਖਤੀ ਵਰਤਣ ਲਈ ਵੀ ਕਿਹਾ ਹੈ। ਇਸ ਲਈ ਪ੍ਰਸਾਸ਼ਨ ਨੇ 21 ਫਰਵਰੀ ਤੋਂ ਪਹਿਲਾਂ ਸਾਈਨ ਬੋਰਡ ਪੰਜਾਬੀ ਵਿੱਚ ਲਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਹਨ।

ਹਾਸਲ ਜਾਣਕਾਰੀ ਮੁਤਾਬਕ ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਨਿੱਜੀ ਅਦਾਰਿਆਂ ਨੂੰ 21 ਫਰਵਰੀ ਤੋਂ ਪਹਿਲਾਂ ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਨੂੰ ਯਕੀਨੀ ਬਣਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਦੇ ਪਸਾਰ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ ਤੇ 21 ਫਰਵਰੀ ਨੂੰ ਕੌਮਾਂਤਰੀ ਮਾਂ-ਬੋਲੀ ਦਿਵਸ ਤੱਕ ਸਾਰੇ ਸਰਕਾਰੀ ਤੇ ਨਿੱਜੀ ਅਦਾਰਿਆਂ ਦੇ ਬੋਰਡਾਂ ’ਤੇ ਪੰਜਾਬੀ ਨੂੰ ਪਹਿਲਾ ਸਥਾਨ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਸਾਰੀ ਤਰ੍ਹਾਂ ਦੇ ਬੋਰਡ ਪੰਜਾਬੀ ਭਾਸ਼ਾ ਵਿੱਚ ਲਿਖਣ ਦਾ ਕੰਮ 21 ਫਰਵਰੀ ਤੋਂ ਪਹਿਲਾਂ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਇਹ ਬੋਰਡਾਂ ’ਤੇ ਉਪਰਲੇ ਪਾਸੇ ਪੰਜਾਬੀ ਭਾਸ਼ਾ ਵਿੱਚ ਲਿਖਿਆ ਜਾਣਾ ਯਕੀਨੀ ਬਣਾਇਆ ਜਾ ਸਕੇ |