ਸਟੇਟ ਡੈਸਕ: ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਠਿੰਡਾ ’ਚ ਆਪਣੀ ਕੋਠੀ ਬਣਾਉਣ ਲਈ ਪਲਾਟ ਖਰੀਦਣ ਦੇ ਮਾਮਲੇ ’ਚ ਵਿਜੀਲੈਂਸ ਵਿਭਾਗ ਵਲੋਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਇਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਵਿਭਾਗ ਵੱਲੋਂ ਮਨਪ੍ਰੀਤ ਬਾਦਲ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਦੇਸ਼ ਦੇ ਹਵਾਈ ਅੱਡਿਆਂ ਨੂੰ ਵੀ ਮਨਪ੍ਰੀਤ ਬਾਦਲ ਨੂੰ ਲੈ ਕੇ ਅਲਰਟ ਕਰ ਦਿੱਤਾ ਹੈ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਦੀ ਕਿਉਂਕਿ ਗ੍ਰਿਫ਼ਤਾਰੀ ਨਹੀਂ ਹੋਈ ਹੈ, ਇਸ ਲਈ ਹਵਾਈ ਅੱਡਿਆਂ ਨੂੰ ਅਲਰਟ ਕੀਤਾ ਜਾਣਾ ਜ਼ਰੂਰੀ ਸੀ ਤਾਂ ਕਿ ਉਹ ਦੇਸ਼ ਤੋਂ ਬਾਹਰ ਨਾ ਜਾ ਸਕਣ।
ਇਹ ਮਾਮਲਾ ਬਠਿੰਡਾ ਮਾਡਲ ਟਾਊਨ ਫੇਜ਼-1 ਨੇੜੇ ਟੀਵੀ ਟਾਵਰ ਵਿਖੇ 1560 ਵਰਗ ਗਜ਼ ਦੇ ਦੋ ਪਲਾਟਾਂ ਦੀ ਖਰੀਦ ਨਾਲ ਜੁੜਿਆ ਹੋਇਆ ਹੈ। ਮਨਪ੍ਰੀਤ ਬਾਦਲ ’ਤੇ ਦੋਸ਼ ਹੈ ਕਿ ਉਨ੍ਹਾਂ 2018 ਤੋਂ 2021 ਤੱਕ ਸੂਬਾ ਸਰਕਾਰ ’ਚ ਵਿੱਤ ਮੰਤਰੀ ਰਹਿੰਦਿਆਂ ਆਪਣੇ ਸਿਆਸੀ ਦਬਾਅ ਅਤੇ ਪ੍ਰਭਾਵ ਸਦਕਾ ਪਲਾਟ ਖਰੀਦੇ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਕਰੀਬ 65 ਲੱਖ ਰੁਪਏ ਦਾ ਮਾਲੀ ਨੁਕਸਾਨ ਹੋਇਆ।
