December 21, 2022
LPTV / Chandigarh
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਨੂੰ ਸਰਗਰਮ ਭਾਈਵਾਲ ਬਣਾਏਗੀ। ਇਹ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ, ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਓਵਰਸੀਜ਼ ਇੰਡੀਅਨ ਅਫੇਅਰਜ਼ ਮੰਤਰੀ ਨੇ ਅੱਜ ਵਿਕਾਸ ਭਵਨ ਵਿਖੇ ਸ. ਏ. ਐੱਸ. ਨਗਰ (ਮੁਹਾਲੀ) ਵਿਖੇ ਹੋਏ ਹਫ਼ਤਾਵਾਰੀ 'ਜਨਤਾ ਦਰਬਾਰ' ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਮੌਕੇ ਕੀਤਾ |
ਧਾਲੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਨਾਲ-ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਵਿੱਚ ਵੀ ਉਨ੍ਹਾਂ ਨੂੰ ਸਰਗਰਮ ਭਾਈਵਾਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਪੰਚਾਇਤੀ ਜ਼ਮੀਨਾਂ ’ਤੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਇਕ ਹੋਰ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੀ ਮੁਹਿੰਮ ਦੌਰਾਨ 10 ਹਜ਼ਾਰ ਏਕੜ ਤੋਂ ਵੱਧ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਇਆ ਗਿਆ ਹੈ।
ਧਾਲੀਵਾਲ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸ਼ਿਕਾਇਤਾਂ ਅਤੇ ਸਮੱਸਿਆਵਾਂ ਦਾ ਬਿਨਾਂ ਕਿਸੇ ਦੇਰੀ ਤੋਂ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਆਪਣੇ ਵਿਭਾਗਾਂ ਨਾਲ ਸਬੰਧਤ ਮੁਲਾਜ਼ਮਾਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਭ੍ਰਿਸ਼ਟ ਮੁਲਾਜ਼ਮਾਂ ਨੂੰ ਬਖਸ਼ੇਗੀ ਨਹੀਂ। ਧਾਲੀਵਾਲ ਨੇ ਅੱਗੇ ਦੱਸਿਆ ਕਿ ਅੱਜ 100 ਤੋਂ ਵੱਧ ਕੇਸਾਂ ਦੀ ਸੁਣਵਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ 'ਜਨਤਾ ਦਰਬਾਰ' ਪ੍ਰੋਗਰਾਮ ਤਹਿਤ ਜ਼ਿਆਦਾਤਰ ਮਸਲੇ ਤੁਰੰਤ ਹੱਲ ਕੀਤੇ ਜਾ ਰਹੇ ਹਨ।
Kuldeep Singh Dhaliwal heard the problems of the people in the Janata Durbar held at Vikas Bhavan