March 27, 2023
LPTV / Chandigarh
ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਫਸਲਾਂ ਦੇ ਖਰਾਬੇ ਦੇ ਮੁਆਵਜੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਮੋਗਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਪਟਿਆਲਾ ਦੇ ਪਿੰਡਾਂ ਦਾ ਤੂਫਾਨੀ ਦੌਰਾ ਕਰਨ ਵਾਲੇ ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਜੇ ਫਸਲ ਦੀ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦੇਵੇਗੀ।
ਉਨ੍ਹਾਂ ਕਿਹਾ ਕਿ ਜੇਕਰ ਨੁਕਸਾਨ 33 ਤੋਂ 75 ਫੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਮਜਦੂਰਾਂ ਨੂੰ 10 ਫੀਸਦੀ ਮੁਆਵਜਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸਕਲ ਪੇਸ ਨਾ ਆਵੇ। ਉਨ੍ਹਾਂ ਕਿਹਾ ਕਿ ਪੂਰੇ ਮਕਾਨ ਦੇ ਨੁਕਸਾਨ ਦੇ ਮੁਆਵਜੇ ਵਜੋਂ 95100 ਰੁਪਏ ਦਿੱਤੇ ਜਾਣਗੇ, ਜਦੋਂਕਿ ਘਰਾਂ ਦੇ ਮਾਮੂਲੀ ਨੁਕਸਾਨ ਲਈ 5200 ਰੁਪਏ ਦਿੱਤੇ ਜਾਣਗੇ।
ਖਰਾਬ ਮੌਸਮ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜਦੂਰਾਂ ਦੀ ਭਲਾਈ ਲਈ ਹਮੇਸਾ ਵਚਨਬੱਧ ਹੈ ਤੇ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸਾ ਹੀ ਕਿਸਾਨਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਹਮਾਇਤੀ ਰਹੀ ਹੈ ਅਤੇ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਯੋਗ ਕਦਮ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਵੱਡੀ ਗਿਣਤੀ ਕਿਸਾਨਾਂ ਦੀ ਪੀੜ ਤੇ ਦਰਦ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਜਿਨ੍ਹਾਂ ਨੂੰ ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਹੈ।
CM Mann made a big announcement on his visit to the rain affected areas