April 17, 2025

ਚੰਡੀਗੜ੍ਹ, 17 ਅਪ੍ਰੈਲ 2025: ਪੰਜਾਬ ਸਰਕਾਰ ਨੇ ਹੁਣ ਕਾਨੂੰਨ ਅਧਿਕਾਰੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ 124 ਕਾਨੂੰਨ ਅਧਿਕਾਰੀ ਨਿਯੁਕਤ ਕੀਤੇ ਜਾਣਗੇ। ਇਹ ਨਿਯੁਕਤੀਆਂ ਚੰਡੀਗੜ੍ਹ ਵਿਖੇ ਪੰਜਾਬ ਐਡਵੋਕੇਟ ਜਨਰਲ ਦੇ ਦਫ਼ਤਰ ਅਤੇ ਨਵੀਂ ਦਿੱਲੀ ਵਿਖੇ ਲੀਗਲ ਸੈੱਲ 'ਚ ਕੀਤੀਆਂ ਜਾਣਗੀਆਂ।
ਇਹ ਨਿਯੁਕਤੀਆਂ ਵੱਖ-ਵੱਖ ਸ਼੍ਰੇਣੀਆਂ 'ਚ ਕੀਤੀਆਂ ਜਾਣਗੀਆਂ। ਸੂਬਾ ਸਰਕਾਰ ਮਈ ਮਹੀਨੇ ਤੱਕ ਨਿਯੁਕਤੀਆਂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਲਈ ਪੂਰੀ ਪ੍ਰਕਿਰਿਆ ਛੇਤੀ ਹੀ ਪੂਰੀ ਕਰ ਲਈ ਜਾਵੇਗੀ।
ਮਿਲੀ ਜਾਣਕਾਰੀ ਅਨੁਸਾਰ, ਇਨ੍ਹਾਂ ਨਿਯੁਕਤੀਆਂ ਲਈ ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੱਕ ਜਾਰੀ ਰਹੇਗੀ। ਅਰਜ਼ੀ ਨਾਲ ਸਬੰਧਤ ਸ਼ਰਤਾਂ ਅਤੇ ਹੋਰ ਸਾਰੀਆਂ ਰਸਮਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਸਰਕਾਰ ਕੋਸ਼ਿਸ਼ ਕਰ ਰਹੀ ਹੈ ਕਿ ਅਦਾਲਤਾਂ ਵਿੱਚ ਕਿਸੇ ਵੀ ਮਾਮਲੇ 'ਚ ਕਮਜ਼ੋਰ ਨਾ ਬਣ ਜਾਵੇ।
ਦੋ ਮਹੀਨੇ ਪਹਿਲਾਂ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਸੀ ਅਤੇ 232 ਕਾਨੂੰਨ ਅਧਿਕਾਰੀਆਂ ਨੂੰ ਹਟਾ ਦਿੱਤਾ ਸੀ। ਹਾਲਾਂਕਿ, ਤਤਕਾਲੀ ਏਜੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਇਹ ਸਭ ਇੱਕ ਨਿਰਧਾਰਤ ਪ੍ਰਕਿਰਿਆ ਦਾ ਹਿੱਸਾ ਸੀ, ਕਿਉਂਕਿ ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਇੱਕ ਸਾਲ ਲਈ ਕੀਤੀ ਸੀ ਅਤੇ ਇਨ੍ਹਾਂ ਦੀ ਨਿਯੁਕਤੀ ਫਰਵਰੀ ਦੇ ਮਹੀਨੇ 'ਚ ਖਤਮ ਹੋ ਰਹੀ ਸੀ। ਸਰਕਾਰ ਦਾ ਉਦੇਸ਼ ਦਫ਼ਤਰ ਦੇ ਕੰਮਕਾਜ ਨੂੰ ਸੁਚਾਰੂ ਅਤੇ ਮਜ਼ਬੂਤ ਬਣਾਉਣਾ ਹੈ।
Punjab News Punjab Government To Recruit 124 Law Officers