August 7, 2025
ਪੰਜਾਬ ਡੈਸਕ : ਡੇਰਾ ਸੱਚਖੰਡ ਬੱਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਕਰੀਬਨ 3.4 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਅੱਜ ਇੱਥੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਧਾਰਮਿਕ ਆਗੂਆਂ ਦੀ ਚਰਨ ਛੋਹ ਪ੍ਰਾਪਤ ਇਸ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਾਪਤ ਕਰ ਕੇ ਉਹ ਧੰਨ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਐਸ.ਟੀ.ਪੀ. ਦੀ ਸਮਰੱਥਾ 0.5 ਐਮ.ਐਲ.ਡੀ. (ਮਿਲੀਅਨ ਲਿਟਰ ਪ੍ਰਤੀ ਦਿਨ) ਹੈ ਅਤੇ ਇਸ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ, ਜਿਸ ਉੱਤੇ 3.4 ਕਰੋੜ ਰੁਪਏ ਦੀ ਲਾਗਤ ਆਏਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿੱਚ ਬਾਕਾਇਦਾ ਸਤਿਕਾਰ ਭੇਟ ਕਰਨ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮੁਹੱਈਆ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਤੋਂ ਸਾਫ਼ ਕੀਤੇ ਪਾਣੀ ਦੀ ਮੁੜ ਵਰਤੋਂ ਹੋਵੇਗੀ, ਜਿਸ ਨਾਲ ਤਕਰੀਬਨ 13 ਹੈਕਟੇਅਰ ਜ਼ਮੀਨ ਨੂੰ ਸਿੰਜਾਈ ਸਹੂਲਤਾਂ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਣ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ `ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਵਿੱਚ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੀ ਹੈ।
Bhagwant Mann And Sant Niranjan Das Ji Laid The Foundation Stone Of STP At Dera Sachkhand Ballan