February 13, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਪੁਲਿਸ ਵੱਲੋਂ ਗੈਰਕਾਨੂੰਨੀ ਆਈਲੈਟਸ ਤੇ ਇਮੀਗ੍ਰੇਸ਼ਨ ਸੈਂਟਰਾਂ 'ਤੇ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸਬ-ਡਵੀਜ਼ਨ ਵਿਚ ਲੋਕਾਂ ਨੂੰ ਅਮਰੀਕਾ ਭੇਜਣ ਲਈ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰਾਂ ਬਾਰੇ ਥਾਣਾ ਸਿਟੀ ਦੇ ਐਸ.ਐਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਨੇ ਅਚਾਨਕ ਵੱਡੀ ਕਾਰਵਾਈ ਕੀਤੀ ਹੈ ਤੇ ਵੱਡੀ ਗਿਣਤੀ 'ਚ ਪਾਸਪੋਰਟ ਅਤੇ ਫਾਈਲਾਂ ਆਪਣੇ ਕਬਜ਼ੇ 'ਚ ਲੈ ਲਈਆਂ ਹਨ। ਥਾਣਾ ਸਿਟੀ ਦੇ ਐੱਸ.ਐੱਚ.ਓ. ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਸ਼ਹਿਰ ਵਿਚ ਮੌਜੂਦ ਆਈਲੈਟਸ ਅਤੇ ਇਮੀਗ੍ਰੇਸ਼ਨ ਕੇਂਦਰਾਂ ਦੀ ਜਾਂਚ ਕੀਤੀ ਗਈ ਹੈ ਅਤੇ ਇਨ੍ਹਾਂ ਦਫ਼ਤਰਾਂ ਵਿਚੋਂ 60 ਦੇ ਕਰੀਬ ਪਾਸਪੋਰਟ ਜ਼ਬਤ ਕੀਤੇ ਗਏ ਹਨ ਅਤੇ ਜਾਂਚ ਲਈ ਕੁਝ ਫਾਈਲਾਂ ਅਤੇ ਡਾਇਰੀਆਂ ਵੀ ਜ਼ਬਤ ਕੀਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਦੀ ਡੂੰਘਾਈ ਨਾਲ ਜਾਂਚ ਕਰਨਗੇ ਅਤੇ ਇੱਥੇ ਮੌਜੂਦ ਪਾਸਪੋਰਟ ਮਾਲਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਤੋਂ ਪੁੱਛਣਗੇ ਕਿ ਉਨ੍ਹਾਂ ਨੇ ਇਹ ਪਾਸਪੋਰਟ ਇਨ੍ਹਾਂ ਕੇਂਦਰਾਂ ਵਿਚ ਕਿਉਂ ਜਮ੍ਹਾਂ ਕਰਵਾਏ ਹਨ। ਜੇਕਰ ਇਨ੍ਹਾਂ 'ਚੋਂ ਕੋਈ ਗੈਰ ਕਾਨੂੰਨੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
Strict Action Taken Against Illegal IELTS And Immigration Centers Police Seize 60 Passports
