December 7, 2024
Admin / Weather
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ 'ਚ ਠੰਢ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਮੌਸਮ ਵਿਭਾਗ ਵੱਲੋਂ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿਚ ਧੁੰਦ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਕਾਰਨ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇੱਥੇ ਵਿਜ਼ੀਬਿਲਟੀ 50 ਮੀਟਰ ਤੱਕ ਪਹੁੰਚ ਸਕਦੀ ਹੈ। ਇਸ ਦੇ ਨਾਲ ਹੀ ਸੂਬੇ 'ਚ ਧੁੰਦ ਦਾ ਅਸਰ ਦੇਖਿਆ ਜਾ ਸਕਦਾ ਹੈ।
ਮੌਸਮ ਵਿਭਾਗ ਮੁਤਾਬਕ 8-9 ਦਸੰਬਰ ਨੂੰ ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਇਨ੍ਹਾਂ 2 ਦਿਨਾਂ 'ਚ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਠੰਢ ਵਧੇਗੀ।
ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ 'ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪਹਾੜੀ ਇਲਾਕਿਆਂ 'ਚ ਹੋਈ ਬਰਫਬਾਰੀ ਦਾ ਅਸਰ ਪੰਜਾਬ ਦੇ ਮੌਸਮ 'ਤੇ ਦੇਖਣ ਨੂੰ ਮਿਲ ਰਿਹਾ ਹੈ। ਆਉਣ ਵਾਲੇ ਦਿਨਾਂ 'ਚ ਸੂਬੇ 'ਚ ਬਾਰਿਸ਼ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਨਾਲ ਤਾਪਮਾਨ 'ਚ ਹੋਰ ਗਿਰਾਵਟ ਆਵੇਗੀ। ਜੇਕਰ ਪਿਛਲੇ 3 ਦਿਨਾਂ ਦੀ ਗੱਲ ਕਰੀਏ ਤਾਂ ਤਾਪਮਾਨ ਵਿੱਚ ਕਰੀਬ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਧੁੰਦ ਅਤੇ ਮੀਂਹ ਕਾਰਨ ਠੰਢ ਵਧ ਸਕਦੀ ਹੈ।
Cold Weather Has Started Showing Its Effect In Punjab Possibility Of Light Rain On 8 9