April 3, 2026
ਭਾਈ ਰਾਜੋਆਣਾ ਵਲੋਂ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਵੱਡਾ ਸੰਕੇਤ
ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਲਿਖੀ ਚਿੱਠੀ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ ਜੇਲ੍ਹ ’ਚੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੱਤਰ ਲਿਖ ਕੇ ਰਹਿਮ ਦੀ ਅਪੀਲ ਵਾਪਸ ਲੈਣ ਸਬੰਧੀ ਕਿਹਾ ਗਿਆ ਹੈ ਜਿਸ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਜਥੇਦਾਰ ਗੜਗੱਜ ਸਮਰਾਲਾ ਵਿਖੇ ਗੁਰੂ ਮਾਨਿਓ ਚੇਤਨਾ ਸਮਾਗਮ ਤਹਿਤ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਵਿਸ਼ੇਸ਼ ਤੌਰ ’ਤੇ ਪੁੱਜੇ ਸਨ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਜਾਇਜ਼ ਹਨ ਕਿਉਂਕਿ ਉਨ੍ਹਾਂ ਨੂੰ ਜੇਲ੍ਹ ਵਿਚ ਅਜਿਹੀ ਕਾਲ ਕੋਠੜੀ ਵਿਚ ਬੰਦ ਕੀਤਾ ਗਿਆ ਹੈ ਜਿੱਥੇ ਬੰਦਾ ਸਹੀ ਢੰਗ ਨਾਲ ਬੈਠ ਵੀ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਉਹ ਜੇਲ੍ਹ ਵਿਚ ਅਜਿਹੀ ਸਜ਼ਾ ਪਿਛਲੇ ਕਈ ਸਾਲਾਂ ਤੋਂ ਭੁਗਤ ਰਹੇ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ2019 ਵਿਚ ਜਦੋਂ ਗੁਰੂ ਨਾਨਕ ਦੇਵ ਜੀ ਦਾ550 ਸਾਲਾਂ ਪ੍ਰਕਾਸ਼ ਦਿਹਾੜਾ ਮਨਾਇਆ ਗਿਆ ਤਾਂ ਉਸ ਸਮੇਂ ਕੇਂਦਰ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਵਾਲੀ ਗੱਲ ਚੱਲੀ ਸੀ। ਉਨ੍ਹਾਂ ਕਿਹਾ ਕਿ ਅੱਜ7 ਸਾਲ ਹੋ ਗਏ ਪਰ ਵਾਅਦੇ ਵਫ਼ਾ ਨਾ ਹੋਏ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਅਤੇ ਹੋਰ ਬੰਦੀ ਸਿੰਘ ਜੇਲ੍ਹ ਅੰਦਰ ਪੂਰੀ ਚੜ੍ਹਦੀਕਲਾ ਵਿਚ ਹਨ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਈ ਰਾਜੋਆਣਾ ਨੇ ਜੋ ਕਿਹਾ ਉਨ੍ਹਾਂ ਦਾ ਹੱਕ ਤੇ ਬਿਲਕੁਲ ਜਾਇਜ਼ ਹੈ ਜਿਸ ਉੱਪਰ ਉਹ ਗੌਰ ਕਰਨਗੇ। ਧਰਮ ਪਰਿਵਰਤਨ ਦੇ ਮਾਮਲੇ ਵਿਚ ਉਨ੍ਹਾਂ ਕਿਹਾ ਕਿ ਸੱਚਾ ਸਿੱਖ ਕਦੇ ਵੀ ਆਪਣਾ ਧਰਮ ਪਰਿਵਰਤਨ ਨਹੀਂ ਕਰਦਾ, ਉਹ ਬੰਦ-ਬੰਦ ਕਟਵਾ ਸਕਦਾ, ਖੋਪੜੀ ਲਹਾ ਸਕਦਾ ਪਰ ਕਦੇ ਵੀ ਸਿੱਖੀ ਨਹੀਂ ਛੱਡ ਸਕਦਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਜੱਥੇਦਾਰ ਗੜਗੱਜ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਦੋਹਰਾ ਮਾਪਦੰਡ ਸਾਹਮਣੇ ਹੈ ਕਿ ਇੱਕ ਪਾਸੇ ਤਾਂ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾਂਦੀ ਹੈ ਜਦਕਿ ਬੰਦੀ ਸਿੰਘਾਂ ਨੂੰ ਜੇਲ੍ਹਾਂ ਵਿਚ ਨਜ਼ਰਬੰਦ ਕੀਤਾ ਹੋਇਆ ਹੈ। ਇਸ ਮੌਕੇ ਸਮਰਾਲਾ ਵਿਖੇ ਧਾਰਮਿਕ ਦੀਵਾਨ ਕਰਵਾਉਣ ਵਾਲੀ ਪ੍ਰਬੰਧਕ ਕਮੇਟੀ ਅਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਵਿਸ਼ੇਸ਼ ਤੌਰ ’ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਧੰਨਵਾਦ ਕਰਦਿਆਂ ਸਨਮਾਨਿਤ ਵੀ ਕੀਤਾ ਗਿਆ।
Kuldeep Singh Gardganj