April 25, 2026
ਜਲੰਧਰ ‘ਚ ਹਰਭਜਨ ਸਿੰਘ ਦੇ ਘਰ ਦੀਆਂ ਕੰਧਾਂ ‘ਤੇ ‘ਆਪ’ ਵਰਕਰਾਂ ਨੇ ਲਿਖਿਆ ‘ਗੱਦਾਰ’, LPU ਦੇ ਬਾਹਰ ਵੀ ਪ੍ਰਦਰਸ਼ਨ
ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵਰਕਰਾਂ ਨੇ ਸ਼ਨੀਵਾਰ ਦੁਪਹਿਰ ਨੂੰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ7 ਰਾਜ ਸਭਾ ਮੈਂਬਰਾਂ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਗੁੱਸੇ ਵਿੱਚ ਆਏ ਵਰਕਰਾਂ ਨੇ ਸਾਬਕਾ ਕ੍ਰਿਕਟਰ ਅਤੇ ਸੰਸਦ ਮੈਂਬਰ ਹਰਭਜਨ ਸਿੰਘ ਦੀ ਰਿਹਾਇਸ਼ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਘਰ ਦੀ ਕੰਧ ‘ਤੇ ‘ਗੱਦਾਰ’ ਲਿਖ ਦਿੱਤਾ।
ਇਸ ਦੇ ਨਾਲ ਹੀ, ‘ਆਪ’ ਵਰਕਰਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਸੰਸਦ ਮੈਂਬਰ ਅਸ਼ੋਕ ਮਿੱਤਲ ਖ਼ਿਲਾਫ਼ ਵੀ ਪ੍ਰਦਰਸ਼ਨ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਇਸ ਦੌਰਾਨ ਵਰਕਰਾਂ ਵੱਲੋਂ ਪੰਜਾਬ ਦੇ ਗੱਦਾਰ ਵਰਗੇ ਨਾਅਰੇ ਲਗਾਏ ਗਏ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ7 ਰਾਜ ਸਭਾ ਮੈਂਬਰਾਂ ਨੇ ਪਾਰਟੀ ਅਤੇ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਕੇ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜਿਆ ਹੈ।
ਮਿੱਤਲ ਦੀ ਯੂਨੀਵਰਸਿਟੀ ਦੇ ਪੋਸਟਰਾਂ ‘ਤੇ ਫੇਰੀ ਕਾਲਖ
ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਅਤੇ ਹਰਭਜਨ ਸਿੰਘ ਦੇ ਘਰ ਦੇ ਬਾਹਰ ਕੀਤੇ ਗਏ ਪ੍ਰਦਰਸ਼ਨ ਦੌਰਾਨ ਮਾਹੌਲ ਕਾਫੀ ਤਣਾਅਪੂਰਨ ਰਿਹਾ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਅਸ਼ੋਕ ਮਿੱਤਲ ਦੀ ਯੂਨੀਵਰਸਿਟੀ ਦੇ ਬਾਹਰ ਲੱਗੇ ਪੋਸਟਰਾਂ ‘ਤੇ ਕਾਲੀ ਸਪਰੇਅ ਫੇਰ ਦਿੱਤੀ। ਯੂਨੀਵਰਸਿਟੀ ਦੇ ਮਾਲਕ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਪੁਤਲਾ ਸਾੜਦਿਆਂ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਨੂੰ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
Protest against mps in jalandhar