May 27, 2026
ਮਾਨਸਾ ਜ਼ਿਲ੍ਹਾ ਪਰਿਸ਼ਦ ਦੇ ਨਵੇਂ ਚੇਅਰਮੈਨ ਚੁਸ਼ਪਿੰਦਰਬੀਰ ਚਹਿਲ ਦੀ ਤਾਜਪੋਸ਼ੀ, ਸਮਾਗਮ 'ਚ ਪਹੁੰਚੇ CM ਮਾਨ ਦੇ ਮਾਤਾ ਤੇ ਕੈਬਨਿਟ ਮੰਤਰੀ
ਆਮ ਆਦਮੀ ਪਾਰਟੀ ਵਿੱਚ ਆਮ ਘਰਾਂ ਦੇ ਨੌਜਵਾਨਾਂ ਨੂੰ ਵੀ ਅੱਗੇ ਵਧਣ ਦੇ ਮੌਕੇ ਮਿਲਦੇ ਹਨ, ਜਦਕਿ ਹੋਰ ਰਾਜਨੀਤਿਕ ਪਾਰਟੀਆਂ ਵਿੱਚ ਅਕਸਰ ਅਹੁਦੇ ਪਰਿਵਾਰਾਂ ਤੱਕ ਹੀ ਸੀਮਿਤ ਰਹਿੰਦੇ ਹਨ। ਇਹ ਗੱਲਾਂ ਜ਼ਿਲ੍ਹਾ ਪਰਿਸ਼ਦ ਮਾਨਸਾ ਦੇ ਨਵੇਂ ਚੇਅਰਮੈਨ ਚੁਸ਼ਪਿੰਦਰਬੀਰ ਸਿੰਘ ਚਹਿਲ ਦੀ ਤਾਜਪੋਸ਼ੀ ਮੌਕੇ ਵੱਖ-ਵੱਖ ਆਗੂਆਂ ਵੱਲੋਂ ਕਹੀਆਂ ਗਈਆਂ।ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਮਾਤਾ ਹਰਪਾਲ ਕੌਰ ਨੇ ਚੁਸ਼ਪਿੰਦਰਬੀਰ ਸਿੰਘ ਚਹਿਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਚਹਿਲ ਲੋਕਾਂ ਦੇ ਵੱਧ ਤੋਂ ਵੱਧ ਕੰਮ ਕਰਵਾਉਣਗੇ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇਣਗੇ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਨੇ ਕਈ ਸਾਲ ਰਾਜਨੀਤੀ ਵਿੱਚ ਬਿਤਾਏ ਪਰ ਉਨ੍ਹਾਂ ਦੀ ਕਦਰ ਨਹੀਂ ਹੋਈ। ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਬਾਅਦ ਉਹ ਨਾ ਸਿਰਫ਼ ਚੋਣ ਜਿੱਤੇ, ਸਗੋਂ ਮੰਤਰੀ ਵੀ ਬਣੇ। ਉਨ੍ਹਾਂ ਕਿਹਾ ਕਿ ਇਸ ਪਾਰਟੀ ਵਿੱਚ ਆਮ ਵਰਕਰ ਅਤੇ ਆਮ ਇਨਸਾਨ ਦੀ ਕਦਰ ਹੁੰਦੀ ਹੈ। ਇੱਥੇ ਕਿਸੇ ਦਾ ਪੁੱਤ ਜਾਂ ਪੋਤਾ ਨਹੀਂ, ਸਗੋਂ ਕੰਮ ਦੇ ਆਧਾਰ ’ਤੇ ਮਾਣ-ਸਨਮਾਨ ਮਿਲਦਾ ਹੈ। ਉਨ੍ਹਾਂ ਕਿਹਾ ਕਿ ਚਹਿਲ ਦਾ ਹਰ ਕਿਸੇ ਨਾਲ ਪਿਆਰ ਭਰਿਆ ਸਬੰਧ ਹੈ ਅਤੇ ਉਹ ਲੋਕਾਂ ਨਾਲ ਜੁੜੇ ਹੋਏ ਆਗੂ ਹਨ।
ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੋਹਲ ਨੇ ਕਿਹਾ ਕਿ ਚਹਿਲ ਇਕ ਇਮਾਨਦਾਰ ਅਤੇ ਮਿਹਨਤੀ ਵਿਅਕਤੀ ਹਨ। ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਚਹਿਲ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਵਜੋਂ ਤੇਜ਼ੀ ਨਾਲ ਵਿਕਾਸ ਕਾਰਜ ਕਰਵਾਉਣਗੇ ਅਤੇ ਹਰ ਵਰਗ ਦੀ ਸੁਣਵਾਈ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਨੂੰ ਮਿਲਣ ਵਾਲੇ ਫੰਡ ਸਹੀ ਢੰਗ ਨਾਲ ਵਰਤੇ ਜਾਣਗੇ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ।
ਇਸ ਮੌਕੇ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ, ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਨਾਵਾਲੀ, ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਰਪੰਚ, ਪੰਚ ਅਤੇ ਵੱਖ-ਵੱਖ ਪਿੰਡਾਂ ਤੋਂ ਲੋਕ ਹਾਜ਼ਰ ਸਨ।
Mansa zila parishad chushpinderbir chahal