July 23, 2026
ਅਦਾਕਾਰ ਰੱਬੀ ਕੰਦੋਲਾ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ
ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਵੀਰਵਾਰ ਉਸ ਵੇਲੇ ਵੱਡਾ ਸਿਆਸੀ ਅਤੇ ਸਮਾਜਿਕ ਹੁਲਾਰਾ ਮਿਲਿਆ, ਜਦੋਂ ਕਿਸਾਨਾਂ ’ਤੇ ਆਧਾਰਿਤ ਪੰਜਾਬੀ ਫ਼ਿਲਮ ‘ਮਿੱਟੀ ਪੰਜਾਬ ਦੀ’ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਅਦਾਕਾਰ ਰੱਬੀ ਕੰਦੋਲਾ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ।
ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ-27 ਵਿਖੇ ਹੋਏ ਸਮਾਗਮ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ਦੀ ਮੈਂਬਰਸ਼ਿਪ ਦਿਵਾਈ।ਆਗੂਆਂ ਨੇ ਰੱਬੀ ਕੰਧੋਲਾ ਅਤੇ ਉਨ੍ਹਾਂ ਦੇ ਸਮਰਥਕਾਂ ਨੂੰ ਸਿਰੋਪਾ ਭੇਟ ਕਰਕੇ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ।
ਇਸ ਮੌਕੇ ਰੱਬੀ ਕੰਧੋਲਾ ਨੇ ਕਿਹਾ ਕਿ ਉਹ ਪਾਰਟੀ ਦੀ ਉਸ ਸੋਚ ਤੋਂ ਪ੍ਰਭਾਵਿਤ ਹੋ ਕੇ ਇਸ ਨਾਲ ਜੁੜੇ ਹਨ, ਜੋ ਪੰਜਾਬੀ ਮਾਂ-ਬੋਲੀ ਦੀ ਸੰਭਾਲ, ਪੰਜਾਬੀਆਂ ਦੇ ਹੱਕਾਂ ਦੀ ਰੱਖਿਆ, ਨੌਜਵਾਨਾਂ ਦੀ ਸਿੱਖਿਆ, ਪੇਪਰ ਲੀਕ ਵਰਗੇ ਮਾਮਲਿਆਂ ’ਤੇ ਸਖ਼ਤ ਕਾਰਵਾਈ ਅਤੇ ਰੁਜ਼ਗਾਰ ਲਈ ਸਖ਼ਤ ਤੇ ਪਾਰਦਰਸ਼ੀ ਕਾਨੂੰਨ ਬਣਾਉਣ ਦੀ ਵਕਾਲਤ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਜੁੜੇ ਮੁੱਦਿਆਂ ’ਤੇ ਮਜ਼ਬੂਤੀ ਨਾਲ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ।
ਰੱਬੀ ਕੰਧੋਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ, ਪੰਜਾਬੀ ਅਤੇ ਪੰਥਕ ਵਿਚਾਰਧਾਰਾ ਦੀ ਸੇਵਾ ਦੇ ਮਕਸਦ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪੱਲਾ ਫੜਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ।
ਦੱਸ ਦਈਏ ਕਿ ਇਸ ਸਮਾਗਮ ਵਿੱਚ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।
Rabbi kandola joins waris punjab de party