November 9, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 555ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੰਗੀ ਪੱਧਰ 'ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਜਾਵਟ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਜਿੱਥੇ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਨੂੰ ਰੰਗ-ਬਿਰੰਗੇ ਝੰਡੀਆਂ ਨਾਲ ਸਜਾਇਆ ਜਾ ਰਿਹਾ ਹੈ, ਉਥੇ ਹੀ ਦਰਬਾਰ ਨੂੰ ਵਿਦੇਸ਼ੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ ਬੰਗਾਲੀ ਟੈਂਟਾਂ ਨਾਲ ਸਜਾਇਆ ਜਾ ਰਿਹਾ ਹੈ।
ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਸੰਗਤ ਹੋ ਰਹੀ ਨਤਮਸਤਕ
ਪ੍ਰਕਾਸ਼ ਉਤਸਵ ਸਮਾਗਮ ਤੋਂ ਪਹਿਲਾਂ ਹੀ ਪੰਜਾਬ ਦੇ ਕੋਨੇ-ਕੋਨੇ ਤੋਂ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚ ਰਹੀਆਂ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਬਖਸ਼ ਸਿੰਘ ਅਤੇ ਹੈੱਡ ਗ੍ਰੰਥੀ ਸਤਨਾਮ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 13 ਅਤੇ 14 ਨਵੰਬਰ ਨੂੰ ਸਵੇਰੇ 2:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 15 ਅਤੇ 16 ਨਵੰਬਰ ਨੂੰ ਸਵੇਰੇ 1:40 ਵਜੇ ਪਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਦੌਰਾਨ ਫੁੱਲਾਂ ਦੀ ਵਰਖਾ ਹੋਵੇਗੀ। ਇਸ ਵਾਰ ਮਹਾਨ ਨਗਰ ਕੀਰਤਨ 14 ਨਵੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮਾਪਤ ਹੋਵੇਗਾ। ਜਿੱਥੇ ਸਾਰੇ ਰਸਤੇ ਵਿਚ ਹਵਾਈ ਜਹਾਜ਼ਾਂ ਅਤੇ ਸੇਵਾਦਾਰਾਂ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਜਾਵੇਗੀ। ਇਸੇ ਦਿਨ 15 ਨਵੰਬਰ ਨੂੰ ਸ਼ਾਮ 4 ਤੋਂ 9 ਵਜੇ ਤੱਕ ਭਾਈ ਮਰਦਾਨਾ ਦੇ ਦੀਵਾਨ ਹਾਲ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸ਼ਮੂਲੀਅਤ ਕਰਨਗੇ।
ਟੁੱਟੀਆਂ ਸੜਕਾਂ ਦੀ ਮੁਰੰਮਤ ਕਰਵਾਉਣ ਦੀ ਪ੍ਰਸ਼ਾਸਨ ਨੂੰ ਅਪੀਲ
ਉਨ੍ਹਾਂ ਦੱਸਿਆ ਕਿ 15 ਨਵੰਬਰ ਨੂੰ ਸ਼ਾਮ 7 ਵਜੇ ਦੀਪਮਾਲਾ ਅਤੇ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸੇ ਦਿਨ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਵੀ ਹੋਵੇਗਾ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਗੁਰਬਖਸ਼ ਸਿੰਘ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਟੁੱਟੀਆਂ ਸੜਕਾਂ ਅਤੇ ਸਟਰੀਟ ਲਾਈਟਾਂ ਵੱਲ ਧਿਆਨ ਦਿੱਤਾ ਜਾਵੇ। ਉਨ੍ਹਾਂ ਸਮੂਹ ਸੰਗਤ ਨੂੰ ਕਿਹਾ ਕਿ ਉਹ ਆਪਣੇ ਘਰਾਂ ਵਿਚ ਮਾਲਾ ਰੋਸ਼ਨ ਕਰਨ ਅਤੇ ਸਾਫ਼-ਸਫ਼ਾਈ ਰੱਖਣ ਤਾਂ ਜੋ ਸੁਲਤਾਨਪੁਰ ਲੋਧੀ ਵਿਖੇ ਦੇਸ਼-ਵਿਦੇਸ਼ ਤੋਂ ਆਉਣ ਵਾਲੀ ਸੰਗਤ ਦਾ ਸ਼ਾਨਦਾਰ ਸਵਾਗਤ ਕੀਤਾ ਜਾ ਸਕੇ।
Mahana Nagar Kirtan Dedicated To Prakash Purab Will Be Organized On November 14