November 29, 2024
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੀਆਂ ਗੰਭੀਰ ਚੁਣੌਤੀਆਂ ਨਾਲ ਨਜਿੱਠਣ ਲਈ ਵਿਸ਼ਵ ਬੈਂਕ ਤੋਂ ਪੂਰਨ ਸਮਰਥਨ ਦੀ ਮੰਗ ਕੀਤੀ ਹੈ। ਭਾਰਤ ਵਿਚ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਅਗਸਤ ਟੈਨੋ ਕਵਾਮੇ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿੱਤੀ ਸਹਾਇਤਾ ਸਬੰਧੀ ਸੂਬੇ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਪੇਸ਼ ਕੀਤਾ।
ਮਾਨ ਨੇ ਸੂਬਾ ਸਰਕਾਰ ਦੇ ਵਿੱਤੀ ਅਤੇ ਸੰਸਥਾਗਤ ਢਾਂਚੇ ਨੂੰ ਮਜ਼ਬੂਤ ਕਰਨ, ਵਿਕਾਸ ਨੂੰ ਉਤਸ਼ਾਹਿਤ ਕਰਨ, ਜਨਤਕ ਸੇਵਾਵਾਂ ਵਿਚ ਸੁਧਾਰ ਕਰਨ ਅਤੇ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿੱਤੀ ਸਹਾਇਤਾ ਦੀ ਲੋੜ 'ਤੇ ਜ਼ੋਰ ਦਿੱਤਾ। ਇਨ੍ਹਾਂ ਸੁਧਾਰਾਂ ਲਈ ਰਾਜ ਦੇ ਠੋਸ ਏਜੰਡੇ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਦੀ ਮੰਗ ਕਰਨ ਦਾ ਉਦੇਸ਼ ਵਿੱਤੀ ਸੂਝ-ਬੂਝ, ਬਿਹਤਰ ਪ੍ਰਸ਼ਾਸਨ ਅਤੇ ਕੁਸ਼ਲ ਸੇਵਾ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰਨਾ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਿਸ਼ਵ ਬੈਂਕ ਤੋਂ ਵਿੱਤੀ ਸਹਾਇਤਾ ਸੂਬੇ ਦੀਆਂ ਵਿਕਾਸ ਤਰਜੀਹਾਂ ਨੂੰ ਮਜ਼ਬੂਤ ਨੀਂਹ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਸਹਾਇਤਾ ਬੁਨਿਆਦੀ ਢਾਂਚੇ ਦੇ ਵਿਕਾਸ, ਮਨੁੱਖੀ ਸਰੋਤ ਵਿਕਾਸ ਅਤੇ ਸਮਾਜ ਭਲਾਈ ਪਹਿਲਕਦਮੀਆਂ ਨੂੰ ਹੁਲਾਰਾ ਦੇਵੇਗੀ।
ਪੰਜਾਬ ਖੁਸ਼ਹਾਲੀ ਤੇ ਵਿਕਾਸ ਵੱਲ ਵੱਡਾ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ
ਉਨ੍ਹਾਂ ਕਿਹਾ ਕਿ ਇਸ ਅਹਿਮ ਸਹਿਯੋਗ ਨਾਲ ਪੰਜਾਬ ਖੁਸ਼ਹਾਲੀ ਅਤੇ ਵਿਕਾਸ ਵੱਲ ਵੱਡਾ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਉਨ੍ਹਾਂ ਦੀ ਸਰਕਾਰ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੇ ਪਾਣੀ ਦੇ ਸਰੋਤਾਂ ਨੂੰ ਮੁੜ ਸੁਰਜੀਤ ਕਰ ਰਹੀ ਹੈ ਅਤੇ ਉਪਜਾਊ ਜ਼ਮੀਨ ਦੇ ਵੱਧ ਤੋਂ ਵੱਧ ਹਿੱਸੇ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਨਾਲ ਨਾ ਸਿਰਫ਼ ਬਿਜਲੀ ਦੀ ਖਪਤ ਘਟੇਗੀ ਸਗੋਂ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਦੌਰਾਨ ਸੂਬਾ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਇੱਕ ਮੀਟਰ ਦੇ ਕਰੀਬ ਵਧਿਆ ਹੈ।
ਵਿਸ਼ਵ ਬੈਂਕ ਨੇ ਮੰਗਾਂ 'ਤੇ ਹਾਂ-ਪੱਖੀ ਰੁਖ ਅਪਣਾਇਆ
ਮੁੱਖ ਮੰਤਰੀ ਵੱਲੋਂ ਉਠਾਏ ਮੁੱਦਿਆਂ ਨਾਲ ਸਹਿਮਤ ਹੁੰਦਿਆਂ ਵਿਸ਼ਵ ਬੈਂਕ ਦੇ ਕੰਟਰੀ ਡਾਇਰੈਕਟਰ ਨੇ ਕਿਹਾ ਕਿ ਉਹ ਇਸ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਵਿਚਾਰ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਇਸ ਤਰ੍ਹਾਂ ਦੇ ਪ੍ਰੋਜੈਕਟ ਵਿੱਚ ਵਿਸ਼ਵ ਬੈਂਕ ਪਹਿਲਾਂ ਹੀ ਸਹਿਯੋਗ ਕਰ ਚੁੱਕਾ ਹੈ।
ਸੂਬਾ ਸਰਕਾਰ ਨਾਲ ਲਗਾਤਾਰ ਮੀਟਿੰਗਾਂ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਕਈ ਗੱਲਾਂ ਸਪੱਸ਼ਟ ਹੋ ਜਾਣਗੀਆਂ। ਚੇਅਰਮੈਨ ਨੇ ਕਿਹਾ ਕਿ ਵਿਸ਼ਵ ਬੈਂਕ ਦੀ ਟੀਮ ਕ੍ਰਾਂਤੀਕਾਰੀ ਸੁਧਾਰਾਂ ਨੂੰ ਲਾਗੂ ਕਰਨ ਲਈ ਪੰਜਾਬ ਦੇ ਦ੍ਰਿੜ ਇਰਾਦੇ ਤੋਂ ਬਹੁਤ ਪ੍ਰਭਾਵਿਤ ਹੋਈ ਹੈ।
ਵਿਕਾਸ ਅਤੇ ਤਰੱਕੀ ਲਈ ਪੰਜਾਬ ਦੀ ਸੰਭਾਵਨਾ ਨੂੰ ਪਛਾਣਦੇ ਹੋਏ, ਅਗਸਤ ਟੈਨੋ ਕਵਾਮੇ ਨੇ ਇਕ ਮਜ਼ਬੂਤ ਅਤੇ ਲਚਕਦਾਰ ਜਨਤਕ ਵਿੱਤੀ ਪ੍ਰਬੰਧਨ ਢਾਂਚੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਪੰਜਾਬ ਦੇ ਯਤਨਾਂ ਦਾ ਸਮਰਥਨ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ।
ਉਨ੍ਹਾਂ ਕਿਹਾ ਕਿ ਵਿਸ਼ਵ ਬੈਂਕ ਵੱਡੇ ਸ਼ਹਿਰਾਂ ਵਿਚ ਸਹਿਯੋਗ, ਵਿੱਤੀ ਮੁਹਾਰਤ, ਡੇਟਾ ਸ਼ੇਅਰਿੰਗ ਅਤੇ ਹੋਰ ਸੇਵਾਵਾਂ ਦੇ ਖੇਤਰਾਂ ਦੀ ਖੋਜ ਕਰ ਰਿਹਾ ਹੈ। ਅਗਸਤ ਟੈਨੋ ਕਵਾਮੇ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੈਂਕ ਇਹਨਾਂ ਪ੍ਰੋਜੈਕਟਾਂ ਨੂੰ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਅਪਣਾਉਣ ਬਾਰੇ ਵਿਚਾਰ ਕਰ ਰਿਹਾ ਹੈ।
CM Bhagwant Mann Held A Meeting With The Country Director Of The World Bank