January 14, 2025
Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ (22) ਵਾਸੀ ਪਿੰਡ ਸਲ੍ਹੀਣਾ, ਮੋਗਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ, ਉਸ ਦੇ ਪਿਤਾ ਭਜਨ ਸਿੰਘ ਨੇ ਕਿਹਾ ਕਿ ਮੇਰਾ ਬੇਟਾ 4 ਜਨਵਰੀ ਨੂੰ ਕੰਮ ’ਤੇ ਗਿਆ ਸੀ ਪਰ ਵਾਪਸ ਨਾ ਆਇਆ।
ਉਕਤ ਨੇ ਦੱਸਿਆ ਕਿ ਅਸੀਂ ਤਲਾਸ਼ ਕੀਤੀ ਤਾਂ ਉਹ ਪਿੰਡ ਰੱਤੀਆਂ ਕੋਲ ਸਾਨੂੰ ਡਿੱਗਿਆ ਪਿਆ ਮਿਲਿਆ, ਜਿਸ ਨੂੰ ਅਸੀਂ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ, ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਜਿੱਥੇ ਉਸ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਨੇ ਦੱਸਿਆ ਕਿ ਠੰਢ ਕਾਰਨ ਗੁਰਪ੍ਰੀਤ ਸਿੰਘ ਦੀ ਮੌਤ ਹੋਣ ਦਾ ਸ਼ੱਕ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਜਾਵੇਗਾ।
22 year old Youth Dies Due To Severe Cold In Punjab Family In Mourning