March 26, 2025

Admin / Punjab
ਲਾਈਵ ਪੰਜਾਬੀ ਟੀਵੀ ਬਿਊਰੋ : ਇਕ ਪਾਸੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਦਾ ਬਜਟ ਪੇਸ਼ ਕੀਤਾ, ਉਥੇ ਹੀ ਦੂਜੇ ਪਾਸੇ ਸੀਐੱਮ ਭਗਵੰਤ ਮਾਨ ਨੇ ਕੈਬਨਿਟ ਨਾਲ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਇਤਿਹਾਸਕ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਪੰਜਾਬ ਰੈਗੂਲੇਸ਼ਨ ਆਫ ਕਰੱਸ਼ਰ ਯੂਨਿਟਸ ਐਕਟ, 2025 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਇਸ ਐਕਟ ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਐਕਟ ਰੇਤ ਅਤੇ ਬੱਜਰੀ ਦੀ ਪ੍ਰੋਸੈਸਿੰਗ ਵਿੱਚ ਲੱਗੇ ਕਰੱਸ਼ਰ ਯੂਨਿਟਾਂ ਅਤੇ ਸਕ੍ਰੀਨਿੰਗ ਪਲਾਂਟਾਂ ਦੀਆਂ ਗਤੀਵਿਧੀਆਂ ਨੂੰ ਨਿਯਮਤ ਕਰਨ ਲਈ ਵਿਭਾਗ ਨੂੰ ਮਜ਼ਬੂਤ ਕਰੇਗਾ। ਇਸ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਅਤੇ ਕਾਨੂੰਨੀ ਮਾਈਨਿੰਗ ਕਾਰਜਾਂ ਨੂੰ ਚਲਾਉਣ ਵਿਚ ਮਦਦ ਮਿਲੇਗੀ।
ਇੰਡੀਅਨ ਸਟੈਂਪ ਐਕਟ, 1899 'ਚ ਸੋਧ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਪੰਜਾਬ ਵਿਚ ਕਾਰੋਬਾਰੀ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਇੰਡੀਅਨ ਸਟੈਂਪ ਐਕਟ, 1899 ਵਿੱਚ ਸੋਧਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਸੋਧ ਦਾ ਉਦੇਸ਼ ਪੰਜਾਬ ਵਿਚ ਵਪਾਰਕ ਲਾਗਤਾਂ ਨੂੰ ਘੱਟ ਕਰਨ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਐਕਟ ਦੇ ਤਹਿਤ, ਜੇਕਰ ਕੋਈ ਵਿਅਕਤੀ ਪਹਿਲਾਂ ਹੀ ਕਰਜ਼ੇ 'ਤੇ ਸਟੈਂਪ ਡਿਊਟੀ ਅਦਾ ਕਰ ਚੁੱਕਾ ਹੈ ਅਤੇ ਬਾਅਦ ਵਿਚ ਗਿਰਵੀ ਰੱਖੀ ਜਾਇਦਾਦ ਨੂੰ ਬਦਲੇ ਬਿਨਾਂ ਜਾਇਦਾਦ ਦਾ ਤਬਾਦਲਾ ਕਰਦਾ ਹੈ, ਤਾਂ ਉਸ ਤੋਂ ਕੋਈ ਵਾਧੂ ਸਟੈਂਪ ਡਿਊਟੀ ਨਹੀਂ ਲਈ ਜਾਵੇਗੀ। ਨਾਲ ਹੀ ਜੇਕਰ ਨਵੀਂ ਕਰਜ਼ੇ ਦੀ ਰਕਮ ਪਿਛਲੀ ਰਕਮ ਤੋਂ ਵੱਧ ਹੈ, ਤਾਂ ਫੀਸ ਸਿਰਫ਼ ਵਾਧੂ ਰਕਮ 'ਤੇ ਹੀ ਵਸੂਲੀ ਜਾਵੇਗੀ।
Government Takes Big Step To Stop Illegal Mining Historic Decision Taken In Punjab Cabinet Meeting