August 5, 2024
Admin / Punjab
ਸਟੇਟ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਲਈ ਸੁਖਬੀਰ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਗਈ ਮੁਆਫ਼ੀ ਨੂੰ ਜਨਤਕ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਨੇ ਇਸ ਮੁਆਫ਼ੀਨਾਮੇ ਨੂੰ ਜਨਤਕ ਕਰਦਿਆਂ ਕਿਹਾ ਕਿ ਹੁਣ ਇਸ ਬਾਰੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਫ਼ੈਸਲਾ ਲਿਆ ਜਾਵੇਗਾ।
ਅਕਾਲੀ ਦਲ ਦੇ ਬਾਗੀ ਧੜੇ ਨੇ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਆ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸੁਖਬੀਰ ਸਿੰਘ ਬਾਦਲ ਨੂੰ 2007 ਤੋਂ ਅਕਤੂਬਰ 2015 ਤੱਕ ਵਾਪਰੀਆਂ ਘਟਨਾਵਾਂ ਦੇ ਸਬੰਧ ਵਿੱਚ ਦੋਸ਼ੀ ਠਹਿਰਾਇਆ ਸੀ। ਜਿਸ ਸਬੰਧੀ ਪੰਜ ਸਿੰਘ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ 15 ਦਿਨਾਂ ਅੰਦਰ ਸਪੱਸ਼ਟੀਕਰਨ ਮੰਗਿਆ ਸੀ।
ਜਿਸ ਦੇ ਮੱਦੇਨਜ਼ਰ 24 ਜੁਲਾਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਲਬੰਦ ਲਿਫ਼ਾਫ਼ੇ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਪੱਸ਼ਟੀਕਰਨ ਦਿੱਤਾ ਸੀ। ਇਸ ਪੱਤਰ ਨੂੰ ਜਨਤਕ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਕਿ ਸੰਗਤਾਂ ਵੱਲੋਂ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਕਿ ਇਸ ਦਾ ਸਪੱਸ਼ਟੀਕਰਨ ਜਨਤਕ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜਲਦੀ ਹੀ ਪੰਜ ਸਿੰਘ ਸਾਹਿਬਾਨ ਨਾਲ ਮੀਟਿੰਗ ਕਰਕੇ ਇਸ ਸਬੰਧੀ ਆਪਣਾ ਫੈਸਲਾ ਸੁਣਾਉਣਗੇ। ਸੁਖਬੀਰ ਬਾਦਲ ਨੇ ਆਪਣੇ ਸਪੱਸ਼ਟੀਕਰਨ ਵਿੱਚ ਕਿਹਾ ਹੈ ਕਿ ਅਕਾਲੀ ਦਲ ਦੇ ਕੁਝ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਾਫ਼ੀ ਪੱਤਰ ਸੌਂਪਿਆ ਗਿਆ ਸੀ। ਉਸ ਦੇ ਵਿਰੁੱਧ ਜੋ ਵੀ ਲਿਖ ਕੇ ਦਿੱਤਾ ਗਿਆ ਹੈ ਉਹ ਆਪਣੀ ਝੋਲੀ ਵਿਚ ਪਾ ਲੈਂਦਾ ਹੈ ਅਤੇ ਜੋ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇਣਗੇ, ਉਹ ਉਸ ਨੂੰ ਮਨਜ਼ੂਰ ਹੋਵੇਗਾ।
Sukhbir Badal Apologized Publicly For The Insult A Decision Will Be Taken In The Meeting